Breaking News

ਜ਼ਿਲ੍ਹਾ ਫਿਰੋਜ਼ਪੁਰ ਦੇਸ਼ ਦੇ ਪੱਛੜੇ 115 ਜ਼ਿਲਿਆਂ ‘ਚ ਸ਼ਾਮਲ

Ferozpur, Country, Backward Districts, Central Govt.

ਸੱਤਪਾਲ ਥਿੰਦ
ਫ਼ਿਰੋਜ਼ਪੁਰ, 4 ਨਵੰਬਰ। 
ਜ਼ਿਲ੍ਹਾ ਫਿਰੋਜ਼ਪੁਰ ਦਾ ਨਾਂਅ ਦੇਸ਼ ਦੇ 115 ਪੱਛੜੇ ਜ਼ਿਲ੍ਹਿਆਂ ਵਿੱਚ ਆਉਣ ਨਾਲ ਜ਼ਿਲ੍ਹਾ ਵਾਸੀਆਂ ਨੂੰ ਝਟਕਾ ਲੱਗਿਆ ਹੈ  ਕੇਂਦਰ ਸਰਕਾਰ ਵੱਲੋਂ ਸਾਲ-2016 ਵਿਚ ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਵੱਖ-ਵੱਖ ਪਹਿਲੂਆਂ ਸਬੰਧੀ ਪੂਰੇ ਦੇਸ਼ ਵਿਚ ਸਰਵੇ ਕਰਵਾਇਆ ਗਿਆ ਸੀ, ਜਿਸ ਤਹਿਤ ਫ਼ਿਰੋਜ਼ਪੁਰ ਜ਼ਿਲੇ ਦੀ ਗਿਣਤੀ ਦੇਸ਼ ਦੇ ਪਛੜੇ ਹੋਏ 115 ਜ਼ਿਲਿਆਂ ਵਿਚ ਹੋਈ ਹੈ

ਭਾਰਤ ਸਰਕਾਰ ਦੇ ਜਨਤਕ ਅਦਾਰੇ ਅਤੇ ਭਾਰੀ ਉਦਯੋਗ ਵਿਭਾਗ ਦੇ ਸੰਯੁਕਤ ਸਕੱਤਰ ਰਾਜੇਸ਼ ਕੁਮਾਰ ਚੌਧਰੀ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਸਿਹਤ, ਸਿੱਖਿਆ, ਬੁਨਿਆਦੀ ਢਾਂਚੇ ਤੇ ਵਿਕਾਸ ਆਦਿ ਸਬੰਧੀ ਯੋਜਨਾਵਾਂ ਨੂੰ ਹੇਠਲੇ ਪੱਧਰ ਤੇ ਲਾਗੂ ਕਰਨ ਅਤੇ ਇਨਾਂ ਵਿਚ ਹੋਰ ਸੁਧਾਰ ਲਿਆਉਣ ਦੇ ਮਕਸਦ ਨਾਲ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇੱਕ ਮੀਟਿੰਗ ਦੌਰਾਨ ਇਹ ਜਾਣਕਾਰੀ ਦਿੱਤੀ ਇਸ ਮੌਕੇ ਉਨ੍ਹਾਂ ਅਧਿਕਾਰੀਆਂ ਤੋਂ ਸਰਕਾਰੀ ਯੋਜਨਾਵਾਂ ਨੂੰ ਹੋਰ ਵਧੀਆ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਤੇ ਇਸ ਦਾ ਲਾਭ ਦੇਣ ਸਬੰਧੀ ਸੁਝਾਅ ਵੀ ਲਏ ਗਏ।

ਮੀਟਿੰਗ ਦੌਰਾਨ ਰਾਜੇਸ਼ ਕੁਮਾਰ ਨੇ ਦੱਸਿਆ ਕਿ ਸਰਵੇ ਵਿੱਚ ਸਿਹਤ ਸਬੰਧੀ ਦਿੱਤੀਆਂ ਜਾਂਦੀਆਂ ਸੁਵਿਧਾਵਾਂ, ਜਣੇਪੇ ਦੌਰਾਨ ਬੱਚਿਆਂ ਦੀ ਮੌਤ ਦਰ, ਬੱਚਿਆਂ ਨੂੰ ਪੌਸ਼ਟਿਕ ਖ਼ੁਰਾਕ, ਜਨ-ਸੰਖਿਆ ਦੇ ਹਿਸਾਬ ਨਾਲ ਡਾਕਟਰਾਂ ਤੇ ਹਸਪਤਾਲਾਂ ਦੀ ਉਪਲਬਧਤਾ, ਸਕੂਲਾਂ ਵਿਚ ਸਟਾਫ਼ ਦੀ ਕਮੀ, ਵਿਦਿਆਰਥੀਆਂ ਦੁਆਰਾ ਵੱਖ-ਵੱਖ ਸਟੇਜਾਂ ਤੇ ਸਕੂਲ ਛੱਡਣ, ਲੋਕਾਂ ਨੂੰ ਬਿਜਲੀ, ਪੀਣ ਵਾਲੇ ਪਾਣੀ, ਸੜਕਾਂ, ਪਖਾਨਿਆਂ ਸਮੇਤ  ਹੋਰ ਬੁਨਿਆਦੀ ਸਹੂਲਤਾਂ ਉਪਲੱਬਧ ਕਰਵਾਉਣ ਸਬੰਧੀ ਕੇਂਦਰੀ ਸਕੀਮਾਂ ਨੂੰ ਲਾਗੂ ਕਰਨ ਸਬੰਧੀ  ਸਰਵੇ ਕੀਤਾ ਗਿਆ ਸੀ। ਉਨ੍ਹਾਂ ਸਮੂਹ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਗ਼ਰੀਬ ਵਰਗ, ਲੋੜਵੰਦਾਂ, ਵਿਦਿਆਰਥੀਆਂ ਤੇ ਆਮ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਤੇ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਤਾਂ ਜੋ ਆਮ ਲੋਕਾਂ ਨੂੰ ਸਹੂਲਤਾਂ ਮਿਲਣ ਦੇ ਨਾਲ-ਨਾਲ ਵਿਕਾਸ ਵਿਚ ਵੀ ਵਾਧਾ ਹੋਵੇ।

ਸਰਵੇਖਣ ‘ਚ ਫ਼ਿਰੋਜ਼ਪੁਰ ਦਾ ਨਾਂਅ ਪਛੜੇ  ਜ਼ਿਲਿਆਂ ‘ਚ ਨਹੀਂ ਹੋਵੇਗਾ : ਡੀਸੀ

ਇਸ ਮੌਕੇ ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐਸ ਨੇ ਦੱਸਿਆ ਕਿ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿਚ ਸੁਧਾਰ ਲਈ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਜ਼ਿਲੇ ਵਿਚ ਸਵੱਛ ਭਾਰਤ ਮਿਸ਼ਨ ਤਹਿਤ ਪਖਾਨੇ ਬਣਾਉਣ ਦਾ 75 ਫ਼ੀਸਦੀ ਕੰਮ ਪੂਰਾ ਹੋ ਚੁੱਕਿਆ ਹੈ ਅਤੇ ਮਾਰਚ-2018 ਤੱਕ 100 ਫ਼ੀਸਦੀ ਕੰਮ ਪੂਰਾ ਕਰ ਲਿਆ ਜਾਵੇਗਾ। ਸਰਹੱਦੀ ਖੇਤਰ ਵਿਕਾਸ ਪ੍ਰੋਗਰਾਮ ਤਹਿਤ ਜ਼ਿਲੇ ਦੇ ਫ਼ਿਰੋਜ਼ਪੁਰ, ਮਮਦੋਟ ਅਤੇ ਗੁਰੂਹਰਸਹਾਏ ਬਲਾਕਾਂ ਦੇ 363 ਪਿੰਡਾਂ ਵਿਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਤਹਿਤ ਸੜਕਾਂ, ਪੁਲਾਂ, ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਕੰਮ ਕਰਵਾਏ ਜਾ ਰਹੇ ਹਨ।

ਉਨਾਂ ਕਿਹਾ ਕਿ ਜ਼ਿਲੇ ਦੇ ਕਿਸਾਨਾਂ ਨੂੰ 100 ਫ਼ੀਸਦੀ ਸਿੰਚਾਈ ਸਹੂਲਤਾਂ ਮੁਹੱਈਆ ਹਨ ਅਤੇ ਬਿਜਲੀ ਸਪਲਾਈ ਦੇ ਸੁਧਾਰ ਲਈ ਪੁਰਾਣੀਆਂ ਬਿਜਲੀ ਲਾਈਨਾਂ ਤੇ ਯੰਤਰਾਂ ਨੂੰ ਬਦਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲੇ ਦੀ ਲਗਭਗ ਸਾਰੀ ਆਬਾਦੀ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ ਤੇ ਇਸ ਕੰਮ ਦੇ ਹੋਰ ਸੁਧਾਰ ਲਈ ਪੰਜਾਬ ਤੇ ਕੇਂਦਰ ਸਰਕਾਰ ਦੀਆਂ ਜਲ ਸਪਲਾਈ ਯੋਜਨਾਵਾਂ ਤੇ ਕੰਮ ਚੱਲ ਰਿਹਾ ਹੈ। ਉਨ੍ਹਾਂ ਉਮੀਦ ਪ੍ਰਗਟਾਈ ਹੁਣ ਹੋਣ ਵਾਲੇ ਸਰਵੇਖਣ ਵਿਚ ਫ਼ਿਰੋਜ਼ਪੁਰ ਜ਼ਿਲੇ ਦਾ ਨਾਮ ਪਛੜੇ  ਜ਼ਿਲਿਆਂ ਵਿਚ ਨਹੀਂ ਹੋਵੇਗਾ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top