Breaking News

‘ਕਾਰਗੁਜ਼ਾਰੀ ਦਿਖਾਓ ਜਾਂ ਫਿਰ ਬੰਦ ਕਰੋ ਆਪਣੀਆਂ ਦੁਕਾਨਾਂ’

ਫੰਡਾਂ ਦੀ ਕਮੀ ਦਾ ਸਾਹਮਣਾ ਕਰ ਰਹੀਆਂ ਸਰਕਾਰੀ ਮੈਡੀਕਲ ਸੰਸਥਾਵਾਂ ਲਈ ਫੰਡਾਂ ਦੇ ਢੁਕਵੇਂ ਬੰਦੋਬਸਤ ਕਰਨ ਦੇ ਆਦੇਸ਼
ਅਸ਼ਵਨੀ ਚਾਵਲਾ
ਚੰਡੀਗੜ੍ਹ,
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਦਿਆਰਥੀਆਂ ਦੇ ਭਵਿੱਖ ਨਾਲ ਖੇਡ ਕੇ ਪੈਸਾ ਕਮਾਉਣ ਦੇ ਧੰਦੇ ਵਿੱਚ ਲੱਗੇ ਨਿੱਜੀ ਖੇਤਰ ਦੇ ਮੈਡੀਕਲ ਤੇ ਡੈਂਟਲ ਕਾਲਜਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੰਦਿਆਂ ਇਨਾਂ ਕਾਲਜਾਂ ਦੇ ਪ੍ਰਬੰਧਕਾਂ ਨੂੰ ਕਾਰਗੁਜ਼ਾਰੀ ਦਿਖਾਉਣ ਜਾਂ ਫਿਰ ਅਜਿਹੀਆਂ ਦੁਕਾਨਾਂ ਬੰਦ ਕਰ ਲੈਣ ਦੀ ਤਾੜਨਾ ਕੀਤੀ।
ਮੁੱਖ ਮੰਤਰੀ ਨੇ ਇਹ ਹੁਕਮ ਅੱਜ ਇੱਥੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨਾਲ ਇੱਕ ਜਾਇਜ਼ਾ ਮੀਟਿੰਗ ਦੌਰਾਨ ਸੂਬੇ ਦੇ ਮੈਡੀਕਲ ਕਾਲਜਾਂ ਖਾਸ ਕਰਕੇ ਵਿਵਾਦ ਵਿੱਚ ਉਲਝੇ ਗਿਆਨ ਸਾਗਰ ਤੇ ਚਿੰਤਪੁਰਨੀ ਮੈਡੀਕਲ ਕਾਲਜਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਦੌਰਾਨ ਦਿੱਤੇ।
ਕੈਪਟਨ ਅਮਰਿੰਦਰ ਸਿੰਘ ਨੇ ਪ੍ਰਾਈਵੇਟ ਮੈਡੀਕਲ ਤੇ ਡੈਂਟਲ ਕਾਲਜਾਂ ਨੂੰ ਚਿਤਾਵਨੀ ਦਿੰਦਿਆਂ ਆਖਿਆ ਕਿ ਦਾਖਲਾ ਪ੍ਰਕ੍ਰਿਆ ਦੇ ਨਿਯਮਾਂ ਦੀ ਉਲੰਘਣਾ ਕਰਨ ਅਤੇ ਮਿਆਰੀ ਸਿੱਖਿਆ ਮੁਹੱਈਆ ਨਾ ਕਰਵਾਉਣ ਵਾਲੇ ਕਾਲਜਾਂ ਨੂੰ ਬੰਦ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਅਜਿਹੀਆਂ ਸੰਸਥਾਵਾਂ ਨੂੰ ਵਿਦਿਆਰਥੀਆਂ ਦੇ ਭਵਿੱਖ ਨਾਲ ਖੇਡਣ ਦੀ ਹਰਗਿਜ਼ ਇਜਾਜ਼ਤ ਨਹੀਂ ਦੇਵੇਗੀ।
ਇਸ ਦੌਰਾਨ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਸਕੱਤਰ ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਵਿਭਾਗ ਵੱਲੋਂ ਉਨ੍ਹਾਂ ਕਾਲਜਾਂ ਖਾਸ ਕਰਕੇ ਨਰਸਿੰਗ ਸੰਸਥਾਵਾਂ ਖਿਲਾਫ਼ ਕਾਰਵਾਈ ਕੀਤੀ ਗਈ ਹੈ ਜਿਹੜੇ ਕਾਲਜ ਜਾਂ ਸੰਸਥਾਵਾਂ ਨੇ ਵਿਦਿਆਰਥੀਆਂ ਦੇ ਦਾਖਲਿਆਂ ਵਿੱਚ ਨਿਰਧਾਰਤ ਨਿਯਮਾਂ ਦੀ ਉਲੰਘਣਾ ਕੀਤੀ ਜਾਂ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਵਿੱਚ ਕੁਤਾਹੀ ਕੀਤੀ।
ਬਹੁਤੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਫੰਡਾਂ ਦੀ ਘਾਟ ਦੀਆਂ ਸ਼ਿਕਾਇਤਾਂ ਬਾਰੇ ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਆਖਿਆ ਕਿ ਮੈਡੀਕਲ ਸਿੱਖਿਆ ਲਈ ਰਾਖਵੇਂ ਕੇਂਦਰੀ ਫੰਡਾਂ ਦੀ ਵਰਤੋਂ ਇਨਾਂ ਕਾਲਜਾਂ ਦੇ ਬੁਨਿਆਦੀ ਢਾਂਚੇ ਦਾ ਪੱਧਰ ਉੱਚਾ ਚੁੱਕਣ ਸਮੇਤ ਹੋਰ ਅਜਿਹੇ ਕੰਮਾਂ ‘ਤੇ ਖਰਚੇ ਜਾਣ ਨੂੰ ਯਕੀਨੀ ਬਣਾਇਆ ਜਾਵੇ ਤਾਂ ਕਿ ਸਿੱਖਿਆ ਦਾ ਮਿਆਰ ਉੱਚਾ ਚੁੱਕਿਆ ਜਾ ਸਕੇ। ਉਨ੍ਹਾਂ ਨੇ ਮੁੱਖ ਸਕੱਤਰ ਨੂੰ ਮੈਡੀਕਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਫੰਡ ਹਾਸਲ ਨਾ ਹੋਣ ਬਾਰੇ ਕੀਤੀ ਸ਼ਿਕਾਇਤ ‘ਤੇ ਵਿਚਾਰ ਕਰਨ ਲਈ ਆਖਿਆ ਅਤੇ ਸੂਬੇ ਦੇ ਖਜ਼ਾਨੇ ‘ਚੋਂ ਜਿੰਨਾ ਸੰਭਵ ਹੋ ਸਕੇ, ਫੰਡ ਦੇਣ ਲਈ ਰਾਹ ਤਲਾਸ਼ਣ ਵਾਸਤੇ ਕਿਹਾ।
ਕੈਪਟਨ ਅਮਰਿੰਦਰ ਸਿੰਘ ਨੇ ਬਾਬਾ ਫਰੀਦ ਯੂਨੀਵਰਸਿਟੀ ਦੇ ਉਪ ਕੁਲਪਤੀ ਨੂੰ ਆਖਿਆ ਕਿ ਸੂਬੇ ‘ਚ ਮੈਡੀਕਲ ਕਾਲਜਾਂ ਦੇ ਕੰਮਕਾਜ ਵਿੱਚ ਵੱਡੇ ਸੁਧਾਰ ਲਿਆਉਣ ਲਈ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੀ ਸਲਾਹ ਨਾਲ ਰੂਪ ਰੇਖਾ ਤਿਆਰ ਕੀਤੀ ਜਾਵੇ ਤਾਂ ਜੋ ਸੂਬੇ ਦੇ ਲੋਕਾਂ ਨੂੰ ਬਿਹਤਰ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨਾਂ ਮੈਡੀਕਲ ਕਾਲਜਾਂ ਦੇ ਕੰਮਕਾਜ ਵਿੱਚ ਫੰਡ ਦੀ ਘਾਟ ਨੂੰ ਰੁਕਾਵਟ ਨਹੀਂ ਬਣਨ ਦਿੱਤਾ ਜਾਵੇਗਾ।ਫ

ਪ੍ਰਸਿੱਧ ਖਬਰਾਂ

To Top