ਰਾਡ ਮਾਰ ਕੇ ਪਤਨੀ ਦਾ ਕਤਲ, ਪੁੱਤਰ ਕੀਤਾ ਜ਼ਖ਼ਮੀ

ਖੁਸ਼ਵੀਰ ਸਿੰਘ ਤੂਰ ਪਟਿਆਲਾ, 
ਪਟਿਆਲਾ ਵਿਖੇ ਇੱਕ ਵਿਅਕਤੀ ਵੱਲੋਂ ਰਾਡ ਮਾਰ ਕੇ ਆਪਣੀ ਪਤਨੀ ਦਾ ਕਤਲ ਕਰ ਦੇਣ ਤੇ ਆਪਣੇ ਨੌਜਵਾਨ ਮੁੰਡੇ ਨੂੰ ਗੰਭੀਰ ਜ਼ਖ਼ਮੀ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ ਇਸ ਦਿਲ ਕੰਬਾਊ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਫਰਾਰ ਹੋ ਗਿਆ।
ਜਾਣਕਾਰੀ ਅਨੁਸਾਰ ਸਥਾਨਕ ਟੋਬਾ ਬਾਬਾ ਧਿਆਨਾ ਏਰੀਆ ਵਿਖੇ ਬਿੱਟੂ ਨਾਮਕ ਵਿਅਕਤੀ ਵੱਲੋਂ ਅੱਜ ਸਵੇਰੇ ਬੈੱਡ ਉੱਪਰ ਸੁੱਤੀ ਪਈ ਆਪਣੀ ਪਤਨੀ ਰੁਪਿੰਦਰ ਕੌਰ ਰੂਪੀ (42) ਦੇ ਸਿਰ ‘ਚ ਰਾਡ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਇਸ ਤੋਂ ਬਾਅਦ ਉਸ ਵੱਲੋਂ ਆਪਣੇ ਨੌਜਵਾਨ ਪੁੱਤਰ ਵਿਨੂੰ (23) ‘ਤੇ ਰਾਡ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਕਿ ਉਹ ਗੰਭੀਰ ਜ਼ਖ਼ਮੀ ਹੋ ਗਿਆ।  ਰਜਿੰਦਰਾ ਹਸਪਤਾਲ ਵਿਖੇ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਪੀਜੀਆਈ ਚੰਡੀਗੜ੍ਹ ਵਿਖੇ ਰੈਫਰ ਕਰ ਦਿੱਤਾ ਗਿਆ। ਇਸ ਕਾਰੇ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਐੱਸਪੀ ਡੀ ਹਰਵਿੰਦਰ ਸਿੰਘ ਵਿਰਕ, ਐੱਸਪੀ ਸਿਟੀ ਮੈਡਮ ਸੂਦਰ ਵਿਜੀ ਤੇ ਥਾਣਾ ਕੋਤਵਾਲੀ ਦੇ ਐੱਸਐੱਸਓ ਰਾਜੇਸ਼ ਕੁਮਾਰ ਵੱਲੋਂ ਦੌਰਾ ਕੀਤਾ ਗਿਆ ਤੇ ਉੱਥੇ ਬਾਰੀਕੀ ਨਾਲ ਜਾਂਚ ਕੀਤੀ ਗਈ। ਪੁਲਿਸ ਵੱਲੋਂ ਮੁਲਜ਼ਮ ਬਿੱਟੂ ਵਿਰੁੱਧ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਬਿੱਟੂ ਜੋ ਕਿ ਪੇਸ਼ੇ ਵਜੋਂ ਡਰਾਈਵਰ ਹੈ ਘਟਨਾ ਦਾ ਕਾਰਨ ਘਰੇਲੂ ਝਗੜਾ ਦੱਸਿਆ ਜਾ ਰਿਹਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਕਿ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਜਾਰੀ ਹੈ।