85 ਪ੍ਰਤੀਸ਼ਤ ਪ੍ਰਦੂਸ਼ਣ ਦਿੱਲੀ ਦਾ ਆਪਣਾ, ਪੰਜਾਬ ਦੇ ਕਿਸਾਨਾਂ ‘ਤੇ ਦੋਸ਼ ਲਾਉਣਾ ਗਲਤ : ਓਪੀ ਸੋਨੀ

ਬੱਚਿਆਂ ਦਾ ਭਵਿੱਖ ਸੰਵਾਰਨ ‘ਚ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਭੂਮਿਕਾ ਅਹਿਮ : ਸਿੱਖਿਆ ਮੰਤਰੀ

ਪਟਿਆਲਾ

ਪੰਜਾਬ ਦੇ ਸਿੱਖਿਆ ਅਤੇ ਵਾਤਾਵਰਨ ਮੰਤਰੀ ਓਪੀ ਸੋਨੀ ਨੇ ਆਈਕੇਜੀ ਪੀਟੀਯੂ, ਜਲੰਧਰ ਦੇ ਆਰੀਅਨਜ਼ ਗਰੁੱਪ ਆਫ ਕਾਲੇਜਿਜ ਰਾਜਪੁਰਾ ਨੇੜੇ ਚੰਡੀਗੜ੍ਹ ਦੇ ਜੋਨਲ ਯੂਥ ਫੈਸਟੀਵਲ ਦੇ ਦੂਜੇ ਦਿਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਲਗਾਤਾਰ ਕੀਤੇ ਗਏ ਯਤਨਾਂ ਸਦਕਾ ਇਸ ਸਾਲ ਪੰਜਾਬ ‘ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ‘ਚ ਭਾਰੀ ਕਮੀ ਆਈ ਹੈ। ਅਜਿਹੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣਾ ਸਰਾਸਰ ਗਲਤ ਹੈ।
ਇਸ ਮੌਕੇ ਹਲਕਾ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ, ਐਮ.ਐਲ.ਏ. ਘਨੌਰ ਮਦਨ ਲਾਲ ਜਲਾਲਪੁਰ, ਸ਼ਿਵ ਕੁਮਾਰ ਐਸ.ਡੀ.ਐਮ. ਰਾਜਪੁਰਾ, ਕ੍ਰਿਸ਼ਨ ਕੁਮਾਰ ਪੈਂਥੇ ਵੀ ਮੌਜ਼ੂਦ ਸਨ। ਆਰੀਅਨ ਗਰੁੱਪ ਦੇ ਚੇਅਰਮੈਨ ਡਾ. ਆਸ਼ੂ ਕਟਾਰੀਆ ਨੇ ਪ੍ਰੋਗਰਾਮ ਦੀ ਪ੍ਰਧਾਨਗੀ ਕੀਤੀ।
ਸ੍ਰੀ ਸੋਨੀ. ਨੇ ਕਿਹਾ ਕਿ 85 ਪ੍ਰਤੀਸ਼ਤ ਪ੍ਰਦੂਸ਼ਣ ਦਿੱਲੀ ਦਾ ਆਪਣਾ ਹੈ, ਜਿਸ ਵਿੱਚ ਵਾਹਨਾਂ ਅਤੇ ਉਦਯੋਗਿਕ ਇਕਾਈਆਂ ਤੋਂ ਨਿਕਲਦਾ ਜ਼ਹਿਰੀਲਾ ਧੂੰਆਂ ਅਤੇ ਜ਼ਹਿਰੀਲੀ ਗੈਸ ਪ੍ਰਮੁੱਖ ਤੌਰ ‘ਤੇ ਦਿੱਲੀ ਦੀ ਆਬੋ ਹਵਾ ਨੂੰ ਖਰਾਬ ਕਰ ਰਹੀ ਹੈ। ਇਸ ਦੇ ਲਈ ਪੰਜਾਬ ਦੇ ਕਿਸਾਨਾਂ ‘ਤੇ ਦੋਸ਼ ਲਗਾਉਣਾ ਗਲਤ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾ ਕੇਵਲ ਪ੍ਰਤੱਖ ਰੂਪ ਤੋਂ ਕਿਸਾਨਾਂ ਨੂੰ ਜਾਗਰੂਕ ਕੀਤਾ ਪਰੰਤੂ ਕਈ ਤਰ੍ਹਾਂ ਦੇ ਖੇਤੀ ਸੰਦਾਂ ‘ਤੇ ਸਬਸਿਡੀ ਦੇ ਕੇ ਪਰਾਲੀ ਨੂੰ ਸਾੜਨ ਦੀ ਬਜਾਏ ਇਸ ਨੂੰ ਖੇਤਾਂ ਵਿੱਚ ਹੀ ਮਿਲਾ ਦੇਣ ਦੇ ਤਰੀਕੇ ਦੱਸੇ, ਜਿਸ ਕਰਕੇ ਇਹ ਸੰਭਵ ਹੋਇਆ ਹੈ ਕਿ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਭਾਰੀ ਕਮੀ ਦਰਜ ਕੀਤੀ ਗਈ ਹੈ।
ਇਸ ਮੌਕੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿੱਚ ਓ.ਪੀ.ਸੋਨੀ ਨੇ ਕਿਹਾ ਕਿ ਬੱਚਿਆਂ ਦੇ ਭਵਿੱਖ ਸੰਵਾਰਨ ਵਿੱਚ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਅਹਿਮ ਭੂਮਿਕਾ ਹੈ।  ਸਕੂਲਾਂ ‘ਚ ਅਧਿਆਪਕਾਂ ਦੀ ਕਮੀ ਦੇ ਸਵਾਲ ‘ਤੇ ਉਨ੍ਹਾਂ ਨੇ ਕਿਹਾ ਕਿ ਸਰਕਾਰ ਬਾਰਡਰ ਇਲਾਕੇ ਦੇ ਸਰਕਾਰੀ ਸਕੂਲਾਂ ‘ਚ ਕੰਮ ਕਰਨ ਵਾਲਿਆਂ ਅਧਿਆਪਕਾਂ ਨੂੰ ਕੁਝ ਵਿਸ਼ੇਸ਼ ਸੁਵਿਧਾਵਾਂ ਅਤੇ ਭੱਤੇ ਦੇਣ ਦਾ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੇ ਲੋਕਤੰਤਰਿਕ ਅਧਿਕਾਰਾਂ ਦਾ ਸਨਮਾਨ ਕਰਦੇ ਹਾਂ। ਜੇਕਰ ਕਿਸੇ ਨੇ ਆਪਣੀ ਗੱਲ ਕਰਨੀ ਹੈ ਤਾਂ ਉਹ ਛੁੱਟੀ ਵਾਲੇ ਦਿਨ ਜਾਂ ਸਕੂਲ ਵਿੱਚ ਛੁੱਟੀ ਹੋਣ ਤੋਂ ਬਾਅਦ ਧਰਨੇ ਜਾਂ ਪ੍ਰਦਰਸ਼ਨ ਵਿੱਚ ਸ਼ਾਮਲ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਮੌਕੇ ਮੰਤਰੀ ਨੇ ਸਮਾਜ ਨੂੰ ਵਿਸ਼ੇਸ਼ ਸੇਵਾਵਾਂ ਲਈ ਸੁਖਨਾ ਅਬਲੂ ਸਰਕਾਰੀ ਹਾਈ ਸਕੂਲ ਦੇ ਸੀ. ਚੰਚਲ ਕਟਾਰੀਆ, ਸਟੇਟ ਅਵਾਰਡੀ, ਮੁਕਤਸਰ ਸਾਹਿਬ, ਹਰਬੰਸ ਲਾਲ, ਸੁਰਿੰਦਰ ਸੇਤੀਆ, ਰਾਜਨੀਤ ਗਿਰਧਰ ਨੂੰ ਸਨਮਾਨਿਤ ਵੀ ਕੀਤਾ।
ਇਸ ਦੌਰਾਨ ਪੰਜਾਬ ਦੇ 10 ਜ਼ਿਲ੍ਹਿਆਂ ਦੇ ਅਧੀਨ ਆ ਰਹੇ ਲਗਭਗ 25 ਕਾਲਜਾਂ ਦੇ 5000 ਤੋਂ ਵੱਧ ਵਿਦਿਆਰਥੀਆਂ ਨੇ ਯੂਥ ਫੈਸਟੀਵਲ ਦੀਆਂ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਵਿੱਚ ਹਿੱਸਾ ਲਿਆ। ਇਸ ਮੌਕੇ ਐਮਐਲਏ ਮਦਨ ਲਾਲ ਜਲਾਲਪੁਰ ਨੇ ਕਿਹਾ ਕਿ ਨੌਜਵਾਨਾਂ ਨੂੰ ਸਹਿ-ਪਾਠਕ੍ਰਮ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ ਤਾਂਕਿ ਉਹ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਹੋ ਸਕਣ ਅਤੇ ਸਮਾਜ ਵਿੱਚ ਇਨਕਲਾਬੀ ਤਬਦੀਲੀ ਲਿਆਉਣ ਵਿੱਚ ਮਦਦ ਕਰ ਸਕਣ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।