ਮੁੱਖ ਮੰਤਰੀ ਚੰਨੀ ਨੇ ਫੜੀ ਪੰਜਾਬੀ ’ਵਰਸਿਟੀ ਦੀ ਬਾਂਹ, ’ਵਰਸਿਟੀ ਦਾ ਡੇਢ ਅਰਬ ਸਰਕਾਰ ਕਰੇਗੀ ਅਦਾ

0
100

 ਯੂਨੀਵਰਸਿਟੀ ਦੀ ਮਹੀਨਾਵਾਰ ਗ੍ਰਾਂਟ ਸਾਢੇ 9 ਕਰੋੜ ਤੋਂ ਵਧਾ ਕੇ 20 ਕਰੋੜ ਕੀਤੀ

  • ਸਿੱਖਿਆ ਮਾਡਲ ਰਾਹੀਂ ਸਾਰੇ ਸਰਕਾਰੀ ਸਿੱਖਿਆ ਅਦਾਰਿਆਂ ਨੂੰ ਵਿੱਤੀ ਸੰਕਟ ’ਚੋਂ ਕੱਢਿਆ ਜਾਵੇਗਾ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਵਿੱਤੀ ਘਾਟੇ ਨਾਲ ਜੂਝ ਰਹੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬਾਹ ਫੜਨ ਦਾ ਐਲਾਨ ਕੀਤਾ ਹੈ। ਯੂਨੀਵਰਸਿਟੀ ਵਿਖੇ ਆਪਣੀ ਪਲੇਠੀ ਫੇਰੀ ਦੌਰਾਨ ਮੁੱਖ ਮੰਤਰੀ ਚੰਨੀ ਨੇ ਯੂਨੀਵਰਸਿਟੀ ਸਿਰ ਚੜ੍ਹਿਆ 150 ਕਰੋੜ ਰੁਪਏ ਦਾ ਕਰਜ਼ਾ ਪੰਜਾਬ ਸਰਕਾਰ ਸਿਰ ਲੈਣ ਦਾ ਐਲਾਨ ਕੀਤਾ ਇਸ ਤੋਂ ਇਲਾਵਾ ਉਨ੍ਹਾਂ ਯੂਨੀਵਰਸਿਟੀ ਦੀ ਸਾਲਾਨਾ ਗਰਾਂਟ-ਇਨ-ਏਡ 114 ਕਰੋੜ ਰੁਪਏ ਤੋਂ ਵਧਾ 240 ਕਰੋੜ ਰੁਪਏ ਕਰਨ ਐਲਾਨ ਕੀਤਾ ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਮੁੱਖ ਮੰਤਰੀਆਂ ਵੱਲੋਂ ਯੂਨੀਵਰਸਿਟੀ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਮੁੱਖ ਮੰਤਰੀ ਨਾਲ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਯੂਨੀਵਰਸਿਟੀ ਪੁੱਜੇ।

ਅੱਜ ਇੱਥੇ ਗੁਰੂ ਤੇਗ ਬਹਾਦਰ ਹਾਲ ਵਿਖੇ ਯੂਨੀਵਰਸਿਟੀ ਅਧਿਆਪਕਾਂ, ਕਰਮਚਾਰੀਆਂ ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪਹਿਲਾਂ ਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ 9.50 ਕਰੋੜ ਰੁਪਏ ਮਹੀਨਾ ਗਰਾਂਟ ਦਿੱਤੀ ਜਾਂਦੀ ਸੀ, ਜੋ ਹੁਣ ਵਧਾ ਕੇ 20 ਕਰੋੜ ਰੁਪਏ ਮਹੀਨਾ ਕਰ ਦਿੱਤੀ ਗਈ ਹੈ ਉਨ੍ਹਾਂ ਕਿਹਾ ਕਿ ਸੂਬੇ ਅੰਦਰ ਸਰਕਾਰੀ ਸਿੱਖਿਆ ਅਦਾਰਿਆਂ ਨੂੰ ਮੁੜ ਤੋਂ ਪੈਰਾਂ ਸਿਰ ਕਰਨ ਲਈ ਬੀੜਾ ਚੁੱਕਿਆ ਹੈ। ਪੰਜਾਬੀ ਯੂਨੀਵਰਸਿਟੀ ਵੱਲੋਂ ਪੰਜਾਬੀ ਭਾਸ਼ਾ ਦੇ ਵਿਕਾਸ ਅਤੇ ਗਰੀਬ ਬੱਚਿਆਂ ਨੂੰ ਉੱਚ ਸਿੱਖਿਆ ਪ੍ਰਦਾਨ ਕਰਨ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੁਰਾਣੀਆਂ ਸਰਕਾਰਾਂ ਅਤੇ ਖਾਸ ਕਰਕੇ ਮੁੱਖ ਮੰਤਰੀਆਂ ਨੇ ਪੰਜਾਬੀ ਯੂਨੀਵਰਸਿਟੀ ਦੀ ਸਾਰ ਨਹੀਂ ਲਈ ਜਿਸ ਕਾਰਨ ਪੰਜਾਬੀ ਮਾਂ ਬੋਲੀ ਦੀ ਅਲੰਬਰਦਾਰ ਯੂਨੀਵਰਸਿਟੀ ਵਿੱਤੀ ਸੰਕਟ ’ਚ ਵਿੱਚ ਬੁਰੀ ਤਰ੍ਹਾਂ ਫਸ ਗਈ ਸੀ।

ਉਨ੍ਹਾਂ ਕਿਹਾ ਕਿ ਤਕਨੀਕੀ ਸਿੱਖਿਆ ਮੰਤਰੀ ਹੁੰਦਿਆਂ ਵੀ ਹਰ ਪੱਧਰ ‘ਤੇ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਵਿਚੋਂ ਕੱਢਣ ਲਈ ਬਹੁਤ ਜ਼ੋਰ ਅਜ਼ਮਾਇਸ਼ ਕੀਤੀ ਸੀ, ਪਰ ਉਸ ਵਕਤ ਮੁੱਖ ਮੰਤਰੀ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਹੁਣ ਜਦੋਂ ਉਹ ਮੁੱਖ ਮੰਤਰੀ ਬਣੇ ਹਨ ਤਾਂ ਉਨ੍ਹਾਂ ਵੱਲੋਂ ਪੰਜਾਬ ਦੇ ਸਿੱਖਿਆ ਦੇ ਢਾਂਚੇ ਨੂੰ ਮੁੜ ਤੋਂ ਮਜ਼ਬੂਤ ਕਰਨ ਲਈ ਕਈ ਵੱਡੀਆਂ ਪਹਿਲ ਕਦਮੀਆਂ ਕੀਤੀਆਂ ਜਾ ਰਹੀਆਂ ਹਨ ਉਹ ਖੁਦ ਸਰਕਾਰੀ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ’ਚ ਪੜ੍ਹੇ ਹਨ ਇਸ ਲਈ ਉਹ ਸਰਕਾਰੀ ਸਿੱਖਿਆ ਅਦਾਰਿਆਂ ਦੀਆਂ ਹੇਠਲੇ ਪੱਧਰ ’ਤੇ ਸਮੱਸਿਆਵਾਂ ਤੋਂ ਜਾਣੂ ਹਨ, ਜਿਸ ਤਹਿਤ ਹੀ ਪੰਜਾਬੀ ਯੂਨੀਵਰਸਿਟੀ ਦੀ ਪੁਨਰ ਸੁਰਜੀਤੀ ਲਈ ਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾ ਲਈ ਵੱਡੇ ਫੈਸਲੇ ਲਏ ਗਏ ਹਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਐਕਟ ਨੂੰ ਸਖਤੀ ਨਾਲ ਲਾਗੂ ਕੀਤਾ ਗਿਆ ਹੈ।

ਇਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਸਾਡੇ ਬਜ਼ੁਰਗਾਂ ਵਲੋਂ ਪੰਜਾਬੀ ਮਾਂ ਬੋਲੀ ਨੂੰ ਪ੍ਰਫੁਲਤ ਕਰਨ ਲਈ ਸਥਾਪਤ ਕੀਤੇ ਗਏ ਅਦਾਰੇ ਨੂੰ ਬਚਾਉਣ ਲਈ 20 ਸਾਲਾਂ ਤੋਂ ਲਟਕਦੇ ਆ ਰਹੇ ਮਸਲੇ ਨੂੰ ਮੁੱਖ ਮੰਤਰੀ ਚੰਨੀ ਨੇ ਮੁੱਖ ਮੰਤਰੀ ਬਣਨ ਦੇ 2 ਮਹੀਨੇ ਦੇ ਅੰਦਰ ਵੱਡਾ ਫੈਸਲਾ ਲੈ ਕੇ ਇਤਿਹਾਸ ਸਿਰਜਿਆ ਹੈ ਇਸ ਦੌਰਾਨ ਮੁੱਖ ਮੰਤਰੀ ਵੱਲੋਂ ਪੇਂਡੂ ਕਾਰੋਬਾਰ ਤੇ ਹੁਨਰ ਵਿਕਾਸ ਕੇਂਦਰ ਤੇ ਵਣ-ਤਿ੍ਰਣ-ਜੀਵ-ਜੰਤ ਸੰਤੁਲਨ ਮੁੜ-ਬਹਾਲ ਦਾ ਕੇਂਦਰ ਦਾ ਉਦਘਾਟਨ ਕੀਤਾ।

ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਅਰਵਿੰਦ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿੱਤ ਮਤਰੀ ਦਾ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਵਿਚੋਂ ਬਾਹਰ ਕੱਢਣ ਲਈ ਲਈ ਲਏ ਇਤਿਹਾਸਕ ਫੈਸਲਿਆਂ ਲਈ ਧੰਨਵਾਦ ਕਰਦਿਆਂ ਵਿਸਵਾਸ਼ ਦਿਵਾਇਆ ਕਿ ਪੰਜਾਬੀ ਯੂਨੀਵਰਸਿਟੀ ਨੂੰ ਮੁੜ ਤੋਂ ਅਜਿਹੇ ਵਿੱਤੀ ਸੰਕਟ ਵਿਚ ਨਹੀਂ ਆਉਣ ਦੇਣਗੇ

ਮੁੱਖ ਮੰਤਰੀ ਸਾਹਮਣੇ ਲੱਗੇ ਵਧੀਆਂ ਫੀਸਾਂ ਨੂੰ ਵਾਪਸ ਲੈਣ ਦੇ ਨਾਅਰੇ

ਮੁੱਖ ਮੰਤਰੀ ਵੱਲੋਂ ਜਦੋਂ ਸ੍ਰੀ ਗੁਰੂ ਤੇਗ ਬਹਾਦਾਰ ਹਾਲ ’ਚ ਸੰਬੋਧਨ ਕੀਤਾ ਜਾ ਰਿਹਾ ਸੀ ਤਾਂ ਹਾਲ ’ਚ ਬੈਠੇ ਯੂਨੀਵਰਸਿਟੀ ਦੇ ਕੁਝ ਵਿਦਿਆਥੀਆਂ ਵੱਲੋਂ ਨਾਅਰੇਬਾਜੀ ਸ਼ੁਰੂ ਕਰ ਦਿੱਤੀ। ਉਹ ਯੂਨੀਵਰਸਿਟੀ ਵੱਲੋਂ ਵਧਾਈਆਂ ਫੀਸਾਂ ਨੂੰ ਵਾਪਸ ਲੈਣ ਲਈ ਨਾਅਰੇ ਲਾਏ ਜਾ ਰਹੇ ਹਨ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਰੋਕਣ ਦਾ ਯਤਨ ਕੀਤਾ ਗਿਆ ਤਾਂ ਰੌਲੇ ਰੱਪੇ ’ਚ ਹੀ ਮੁੱਖ ਮੰਤਰੀ ਆਪਣਾ ਸੰਬੋਧਨ ਸਮਾਪਤ ਕਰਕੇ ਹਾਲ ’ਚੋਂ ਬਾਹਰ ਚਲੇ ਗਏ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here

*