ਪੰਜਾਬ

ਸਿੱਖਿਆ ਵਿਭਾਗ ਤੇ ਅਧਿਆਪਕਾਂ ਦੇ ਮੁੜ ਫਸੇ ਸਿੰਗ

Education department and teachers' re-encrusted horn

ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਅਧਿਆਪਕਾਂ ਨੇ ਸਿੱਖਿਆ ਮੰਤਰੀ ਓ.ਪੀ ਸੋਨੀ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਪਟਿਆਲਾ | ਸਿੱਖਿਆ ਮੰਤਰੀ ਵੱਲੋਂ ਪਟਿਆਲਾ ਵਿਖੇ ਅਧਿਆਪਕਾਂ ਦੇ ਧਰਨੇ ਵਿੱਚ ਪੁੱਜ ਕੇ ਕੀਤੇ ਵਾਅਦਿਆਂ ਨੂੰ ਦਰਕਿਨਾਰ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਤਹਿਤ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀ ਤਨਖਾਹ ਕਟੌਤੀ ਮਾਮਲੇ ਨੂੰ ਲਾਗੂ ਕਰਵਾਉਣ ਲਈ ਆਨ ਲਾਇਨ ਪੋਰਟਲ ਫਿਰ ਤੋਂ ਖੋਲ੍ਹ ਦਿੱਤਾ ਗਿਆ ਹੈ। ਇਸ ਤੋਂ ਬਾਅਦ ਅਧਿਆਪਕਾਂ ਦਾ ਗੁੱਸਾ ਮੁੱਖ ਸੱਤਵੇਂ ਅਸਮਾਨ ‘ਤੇ ਚੜ੍ਹ ਗਿਆ ਹੈ। ਅੱਜ ਅਧਿਆਪਕਾਂ ਵੱਲੋਂ ਮੋਤੀ ਮਹਿਲ ਨੇੜੇ ਸਰਕਾਰ ਦੀ ਇਸ ਵਾਅਦਾ ਖਿਲਾਫ਼ੀ ਵਿਰੁੱਧ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਅਧਿਆਪਕਾਂ ਦੇ ਪ੍ਰਦਰਸ਼ਨ ਨੂੰ ਦੇਖਦਿਆਂ ਪੁਲਿਸ ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਹੋਏ ਸਨ।
ਜਾਣਕਾਰੀ ਅਨੁਸਾਰ ਸਾਂਝਾ ਅਧਿਆਪਕ ਮੋਰਚਾ ਵੱਲੋਂ ਸਿੱਖਿਆ ਮੰਤਰੀ ਤੇ ਅਧਿਆਪਕਾਂ ਦੇ ਪੱਕੇ ਧਰਨੇ ਦੇ 56ਵੇਂ ਦਿਨ ਕੀਤੇ ਸਾਰੇ ਐਲਾਨਾਂ ਤੋਂ ਪਿੱਛੇ ਹਟਦਿਆਂ ਗੈਰ ਜਿੰਮੇਵਾਰਾਨਾ ਰਵੱਈਆ ਅਪਣਾਉਣ ਅਤੇ ਵਾਅਦਾ ਖਿਲਾਫੀ ਕਰਨ ਦਾ ਦੋਸ਼ ਲਗਾਇਆ ਹੈ। ਅਧਿਆਪਕਾਂ ਅਤੇ ਸਿੱਖਿਆ ਵਿਭਾਗ ਵਿਚਕਾਰ ਮੁੜ ਤੋਂ ਸੰਘਰਸ ਭਖਣਾ ਸ਼ੁਰੂ ਹੋ ਗਿਆ ਹੈ। ਅਧਿਆਪਕ ਆਗੂਆਂ ਦਵਿੰਦਰ ਸਿੰਘ ਪੂਨੀਆ, ਸੂਬਾ ਕੋ-ਕਨਵੀਨਰਾਂ ਹਰਦੀਪ ਸਿੰਘ ਟੋਡਰਪੁਰ, ਕਰਮਿੰਦਰ ਸਿੰਘ, ਵਿਕਰਮ ਦੇਵ ਸਿੰਘ, ਅਤਿੰਦਰਪਾਲ ਘੱਗਾ, ਪਰਮਵੀਰ ਸਿੰਘ ਆਦਿ ਨੇ ਕਿਹਾ ਕਿ ਸਵਾ ਮਹੀਨਾ ਬੀਤਣ ਦੇ ਬਾਵਜੂਦ ਜਨਤਕ ਰੂਪ ਵਿੱਚ ਕੀਤੇ ਐਲਾਨਾਂ ਨੂੰ ਪੂਰਾ ਨਾ ਕਰਕੇ ਅਤੇ ਐੱਸ.ਐੱਸ ਏ ਰਮਸਾ ਅਧਿਆਪਕਾਂ ਦੀ ਤਨਖਾਹ ਕਟੌਤੀ ਨੂੰ ਜਬਰੀ ਲਾਗੂ ਕਰਵਾਉਣ ਲਈ ਆਨ ਲਾਇਨ ਪਾਰਟਲ ਫਿਰ ਤੋਂ ਖੋਲ੍ਹ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਰੋਸ ਵਜੋਂ ਹੀ ਅੱਜ ਅਮਰਿੰਦਰ ਸਿੰਘ ਦੀ ਰਿਹਾਇਸ਼ ਨੇੜੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਦਾ ਪੁਤਲਾ ਸਾੜਿਆ।
ਅਧਿਆਪਕਾਂ ਆਗੂਆਂ ਨੇ ਦੱਸਿਆ ਕਿ ਮੁਲਾਜ਼ਮਾਂ, ਕਿਸਾਨਾਂ ਅਤੇ ਹੋਰਨਾਂ ਜਨਤਕ ਜਥੇਬੰਦੀਆਂ ਨੂੰ ਨਾਲ ਲੈਂਦਿਆਂ 3 ਫਰਵਰੀ ਨੂੰ ਮੁੱਖ ਮੰਤਰੀ ਦੇ ਸ਼ਹਿਰ ‘ਚ ਵਿਸ਼ਾਲ ਸੂਬਾਈ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਐੱਸ.ਐੱਸ.ਏ/ਰਮਸਾ ਅਧਿਆਪਕ ਯੂਨੀਅਨ ਪਟਿਆਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ 7 ਮਹੀਨਿਆਂ ਦੀ ਰੁਕੀਆਂ ਆਪਣੀਆਂ ਤਨਖਾਹਾਂ ਨੂੰ ਅੱਜ ਲੋਹੜੀ ਦੇ ਰੂਪ ਵਿੱਚ ਮੰਗਣ ਜਾਣ ਦਾ ਐਲਾਨ ਵੀ ਕੀਤਾ। ਵੱਖ-ਵੱਖ ਅਧਿਆਪਕ ਆਗੂਆਂ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਅਧਿਆਪਕਾਂ ਦੇ ‘ਪੱਕੇ ਮੋਰਚੇ’ ਵਿੱਚ 1 ਦਸੰਬਰ ਨੂੰ ਪਹੁੰਚ ਕੇ ਜਨਤਕ ਤੌਰ ‘ਤੇ ਕਈ ਐਲਾਨ ਅਤੇ ਭਰੋਸੇ ਦਿੱਤੇ ਗਏ ਸਨ, ਜਿਸ ਉਪਰੰਤ ਮੋਰਚੇ ਵੱਲੋਂ ਗੱਲਬਾਤ ਦਾ ਰਾਹ ਅਖਤਿਆਰ ਕਰਕੇ ਸੰਘਰਸ਼ ਮੁਲਤਵੀ ਕਰਨ ਦਾ ਫੈਸਲਾ ਕੀਤਾ ਗਿਆ ਸੀ। ਆਗੂਆਂ ਨੇ ਦੱਸਿਆ ਕਿ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਕੇ ਆਮ ਲੋਕਾਂ ਵਿੱਚ ਪੰਜਾਬ ਸਰਕਾਰ ਦੇ ਨੁਮਾਇੰਦੇ ਵਜੋਂ ਸਿੱਖਿਆ ਮੰਤਰੀ ਵਰਗੇ ਅਹਿਮ ਅਹੁਦੇ ਦੀ ਭਰੋਸੇਯੋਗਤਾ ਨੂੰ ਗਹਿਰੀ ਸੱਟ ਲੱਗੀ ਹੈ, ਜਿਸ ਕਾਰਨ ਅਧਿਆਪਕ ਵਰਗ ਵਿੱਚ ਸਖਤ ਰੋਸ ਦੀ ਭਾਵਨਾ ਪਾਈ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਲੋਕ ਸਭਾ ਚੋਣਾਂ ‘ਚ ਸਰਕਾਰ ਆਪਣੇ ਇਨ੍ਹਾਂ ਕੰਮਾਂ ਦੀ ਕੀਮਤ ਚਕਾਉਣ ਲਈ ਤਿਆਰ ਰਹੇ।
ਇਸ ਮੌਕੇ ਹਰਦੇਵ ਸਿੰਘ, ਭਰਤ ਕੁਮਾਰ, ਹਰਵਿੰਦਰ ਰੱਖੜਾ, ਰਾਮਸ਼ਰਣ ਨਾਭਾ, ਜਗਦੀਪ ਸਿੰਘ, ਮਨੋਜ ਕੁਮਾਰ, ਗਗਨ ਰਾਣੂ, ਕਰਮਜੀਤ ਸਿੰਘ ਨਾਭਾ, ਮਨਦੀਪ ਕੌਰ ਟੋਡਰਪੁਰ, ਮਨਪ੍ਰੀਤ ਕੌਰ,  ਸੋਨੀਆ ਪਟਿਆਲਾ, ਰਾਜਿੰਦਰ ਸਮਾਣਾ, ਹਰਵੀਰ ਕੌਰ ਅਤੇ ਅਮਨਪ੍ਰੀਤ ਕੌਰ ਆਦਿ ਵੀ ਮੌਜੂਦ ਰਹੇ

ਪ੍ਰਸਿੱਧ ਖਬਰਾਂ

To Top