ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਅਤੇ ਹੋਰ ਸਾਂਝੀਆਂ ਮੰਗਾਂ ਦੀ ਪ੍ਰਾਪਤੀ ਲਈ ਮੁਲਾਜ਼ਮਾਂ ਨੇ ਫ਼ਰੀਦਕੋਟ ਵਿਖੇ ਵਿੱਤ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ

kot

ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਅਤੇ ਹੋਰ ਸਾਂਝੀਆਂ ਮੰਗਾਂ ਦੀ ਪ੍ਰਾਪਤੀ ਲਈ ਮੁਲਾਜ਼ਮਾਂ ਨੇ ਫ਼ਰੀਦਕੋਟ ਵਿਖੇ ਵਿੱਤ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ

ਫਰੀਦਕੋਟ, (ਸੁਭਾਸ਼ ਸ਼ਰਮਾ)। ਮੁਲਾਜ਼ਮ ਕਿਸੇ ਵੀ ਸਰਕਾਰ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਪਰ ਭਗਵੰਤ ਸਿੰਘ ਮਾਨ ਸਰਕਾਰ ਨੇ ਆਪਣੇ ਪਲੇਠੇ ਬਜਟ ਵਿੱਚ ਸਰਕਾਰ ਦੇ ਕੰਮ ਕਾਜ ਨੂੰ ਚਲਾੳਣ ਦੀ ਅਹਿਮ ਕੜੀ ਮੁਲਾਜ਼ਮ ਵਰਗ ਨੂੰ ਆਪਣੇ ਬਜਟ ਵਿੱਚ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰਕੇ ਮੁਲਾਜ਼ਮਾਂ ਦੇ ਜ਼ਖ਼ਮਾਂ ਤੇ ਲੂਣ ਛਿੜਕਿਆ ਹੈ । ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਚੋਣ ਵਾਅਦੇ ਅਨੁਸਾਰ ਪੰਜਾਬ ਸਰਕਾਰ ਦੇ ਬਜਟ ਵਿੱਚ ਪੁਰਾਣੀ ਪੈਨਸ਼ਨ ਸਕੀਮ (Old Pension Scheme) ਬਹਾਲ ਨਾ ਕਰਨ ਦੇ ਰੋਸ ਵਜੋਂ ‘ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਸਬੰਧਤ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ , ਚੰਡੀਗੜ੍ਹ ‘ ਵੱਲੋਂ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਅਨੁਸਾਰ ਅੱਜ ਫ਼ਰੀਦਕੋਟ ਜ਼ਿਲ੍ਹੇ ਦੇ ਮੁਲਾਜ਼ਮਾਂ ਨੇ ਸਥਾਨਕ ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਇਕੱਠੇ ਹੋ ਕੇ ਤਿੱਖੀ ਨਾਅਰੇਬਾਜ਼ੀ ਕਰਨ ਉਪਰੰਤ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਅਤੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਦਾ ਪੁਤਲਾ ਫੂਕਿਆ । (Old Pension Scheme)

ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਦੇ ਆਗੂ ਧਰਮਿੰਦਰ ਸਿੰਘ ,ਕੁਲਦੀਪ ਸਿੰਘ ਸਹਿਦੇਵ ,ਬੇਅੰਤ ਸਿੰਘ ਮੌੜ , ਨਿਰਮਲ ਸਿੰਘ , ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਸਲਾਹਕਾਰ ਪ੍ਰੇਮ ਚਾਵਲਾ ਅਤੇ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸ਼ਿੰਦਰਪਾਲ ਸਿੰਘ ਢਿੱਲੋਂ , ਗੁਰਿੰਦਰ ਸਿੰਘ ਮਨੀ ਤੇ ਸੋਹਣ ਸਿੰਘ ਪੱਖੀ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਜ਼ਿਲਾ ਫਰੀਦਕੋਟ ਦੇ ਆਗੂ ਰਮੇਸ਼ ਢੈਪਈ, ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਆਗੂ ਗੁਰਚਰਨ ਸਿੰਘ ਮਾਨ ਅਤੇ ਭਰਾਤਰੀ ਜਥੇਬੰਦੀਆਂ ਵਜੋਂ ਸ਼ਾਮਲ ਡੀ.ਟੀ.ਐਫ. ਦੇ ਜ਼ਿਲ੍ਹਾ ਜਰਨਲ ਸਕੱਤਰ ਗੁਰਿੰਦਰਪਾਲ ਸਿੰਘ ਲਾਡੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਆਪਣੇ ਤਿੰਨ ਮਹੀਨਿਆਂ ਦੇ ਕਾਰਜਕਾਲ ਦੌਰਾਨ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ 26454 ਅਸਾਮੀਆਂ ਤੇ ਰੈਗੂਲਰ ਭਰਤੀ ਕਰਨ ਦਾ ਕੀਤੇ ਜਾ ਰਹੇ ਪ੍ਰਚਾਰ ਨੂੰ ਝੂਠ ਦਾ ਪੁਲੰਦਾ ਕਰਾਰ ਦਿੱਤਾ ਕਿਉਂਕਿ ਇਨ੍ਹਾਂ ਅਸਾਮੀਆਂ ਲਈ ਜਾਰੀ ਕੀਤੇ ਗਏ ਇਸ਼ਤਿਹਾਰਾਂ ਵਿੱਚ ਇਹ ਭਰਤੀਆਂ ਤਿੰਨ ਸਾਲ ਦੇ ਪਰਖ ਕਾਲ ਦੇ ਸਮੇਂ ਲਈ ਬਾਦਲ ਸਰਕਾਰ, ਕੈਪਟਨ ਅਤੇ ਚੰਨੀ ਸਰਕਾਰਾਂ ਦੇ ਪਦ ਚਿੰਨ੍ਹਾਂ ਤੇ ਚਲਦਿਆਂ ਬਿਨਾਂ ਕਿਸੇ ਭੱਤਿਆਂ ਦੇ ਉੱਕਾ ਪੁੱਕਾ ਤਨਖਾਹ ਤੇ ਕੀਤੀਆਂ ਜਾ ਰਹੀਆਂ ਹਨ।

kot2
ਆਗੂਆਂ ਨੇ ਕਿਹਾ ਕਿ ਵੱਖ ਵੱਖ ਵਿਭਾਗਾਂ ਵਿੱਚ ਪਿਛਲੇ ਕਈ ਸਾਲਾਂ ਤੋਂ ਠੇਕੇ ਤੇ ਕੰਮ ਕਰਦੇ 36000 ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਵੀ ਇਸ ਸਰਕਾਰ ਨੇ ਕੈਬਨਿਟ ਸਬ ਕਮੇਟੀ ਦੇ ਚੱਕਰ ਵਿੱਚ ਉਲਝਾਕੇ ਰੱਖ ਦਿੱਤੀ ਗਈ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਨਵੀਂ ਕੰਟਰੀਬਿਊਟਰੀ ਪੈਨਸ਼ਨ ਸਕੀਮ ਵਿੱਚ ਸਟੇਟ ਸ਼ੇਅਰ ਦੇ ਨਾਂ ਤੇ ਪਾਇਆ ਜਾ ਰਿਹਾ 14 ਫ਼ੀਸਦੀ ਹਿੱਸਾ ਕਾਰਪੋਰੇਟ ਘਰਾਣਿਆਂ ਦੇ ਰਹਿਮੋ ਕਰਮ ਤੇ ਛੱਡਿਆ ਜਾ ਰਿਹਾ ਹੈ ਜਦਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਨਾਲ ਮੌਜੂਦਾ ਸਮੇਂ ਦੌਰਾਨ ਪੰਜਾਬ ਸਰਕਾਰ ਤੇ ਕੋਈ ਵਿੱਤੀ ਬੋਝ ਨਹੀਂ ਪੈਂਦਾ ।

 ਮਹਿੰਗਾਈ ਭੱਤੇ ਦੀਆਂ ਪਿਛਲੀਆਂ ਰਹਿੰਦੀਆਂ ਦੋ ਕਿਸ਼ਤਾਂ ਜਾਰੀ ਕੀਤੀਆਂ ਜਾਣ

ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਰਾਜਸਥਾਨ ਅਤੇ ਛੱਤੀਸਗੜ੍ਹ ਸਰਕਾਰਾਂ ਦੇ ਪੈਟਰਨ ਅਨੁਸਾਰ ਪੰਜਾਬ ਸਰਕਾਰ ਵੱਲੋਂ ਸਮੂਹ ਸਰਕਾਰੀ ਵਿਭਾਗਾਂ , ਅਰਧ ਸਰਕਾਰੀ ਅਦਾਰਿਆਂ ,ਬੋਰਡਾਂ ਅਤੇ ਨਿਗਮਾਂ ਦੇ ਮੁਲਾਜ਼ਮਾਂ ਲਈ ਤੁਰੰਤ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ , ਮਹਿੰਗਾਈ ਭੱਤੇ ਦੀਆਂ ਪਿਛਲੀਆਂ ਰਹਿੰਦੀਆਂ ਦੋ ਕਿਸ਼ਤਾਂ ਜਾਰੀ ਕੀਤੀਆਂ ਜਾਣ ,ਛੇਵੇਂ ਤਨਖਾਹ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਨ ਲਈ ਅਨਾਮਲੀ ਕਮੇਟੀ ਦਾ ਗਠਨ ਕੀਤਾ ਜਾਵੇ ਅਤੇ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਤੁਰੰਤ ਪੂਰੇ ਕੀਤੇ ਜਾਣ ।

ਇਸ ਮੌਕੇ’ ਤੇ ਹੋਰਨਾਂ ਤੋਂ ਇਲਾਵਾ ਪਰਮਿੰਦਰ ਕੌਰ ,ਵੰਦਨਾ ਰਾਣੀ , ਆਂਚਲ , ਡਾ. ਰਾਜਿੰਦਰ ਕੌਰ, ਹਰਪ੍ਰੀਤ ਸਿੰਘ , ਰਮੇਸ਼ ਕੁਮਾਰ ਲੈਕਚਰਾਰ, ਜਸਕਰਨ ਸਿੰਘ ਫਿੱਡੇ ਕਲਾਂ ‘ਦਵਿੰਦਰ ਸਿੰਘ ਗਿੱਲ ,ਰੇਸ਼ਮ ਸਿੰਘ ਸਰਾਂ ,ਨਵਲ ਕਿਸ਼ੋਰ , ਜਗਪ੍ਰੀਤ ਸਿੰਘ ਔਲਖ ,ਰਾਕੇਸ਼ ਕਟਾਰੀਆ, ਅਤੇ ਪਰਮਿੰਦਰ ਸਿੰਘ ਆਦਿ ਸ਼ਾਮਲ ਸਨ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ