ਲਾਇਬ੍ਰੇਰੀ ਲੰਗਰ’ ਤੋਂ ਵਿਦਿਆਰਥੀਆਂ ਤੇ ਮਾਪਿਆਂ ਨੇ ਉਤਸ਼ਾਹ ਨਾਲ ਪ੍ਰਾਪਤ ਕੀਤੀਆਂ ਮਨਭਾਉਂਦੀਆਂ ਪੁਸਤਕਾਂ

Library Langar Sachkahoon

ਸਾਹਿਤਕਾਰਾਂ ਅਤੇ ਸਿੱਖਿਆ ਸਾਸ਼ਤਰੀਆਂ ਨੇ ਵਿਭਾਗੀ ਉਪਰਾਲੇ ਦੀ ਕੀਤੀ ਪ੍ਰਸੰਸਾ

ਜਸਵੀਰ ਸਿੰਘ ਗਹਿਲ, ਬਰਨਾਲਾ। ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਾਹਿਤ ਨਾਲ ਜੋੜਨ ਦੀ ਵਿਭਾਗੀ ਵਿਸ਼ੇਸ਼ ਮੁਹਿੰਮ ‘ਲਾਇਬ੍ਰੇਰੀ ਲੰਗਰ’ ਨੂੰ ਲੈ ਕੇ ਵਿਦਿਆਰਥੀਆਂ ਤੇ ਮਾਪਿਆਂ ’ਚ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ, ਜਿਸ ਤਹਿਤ ਵਿਦਿਆਰਥੀਆਂ ਨੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵੱਲੋਂ ਸਕੂਲਾਂ, ਧਾਰਮਿਕ ਸਥਾਨਾਂ ਅਤੇ ਹੋਰ ਸਾਂਝੀਆਂ ਥਾਵਾਂ ’ਤੇ ਲਗਾਏ ਗਏ ‘ਲਾਇਬ੍ਰੇਰੀ ਲੰਗਰ’ ਤੋਂ ਚਾਅ ਨਾਲ ਪੁਸਤਕਾਂ ਪ੍ਰਾਪਤ ਕੀਤੀਆਂ।

Library Langar Sachkahoon

ਪ੍ਰਾਪਤ ਜਾਣਕਾਰੀ ਮੁਤਾਬਕ ਜ਼ਿਲ੍ਹਾ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਸਾਹਿਤ ਨਾਲ ਜੋੜਨ ਦੇ ਉਪਰਾਲੇ ਤਹਿਤ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਦੀ ਅਗਵਾਈ ਹੇਠ ਸਕੂਲਾਂ ਤੇ ਧਾਰਮਿਕ ਸਥਾਨਾਂ ’ਤੇ ‘ਲਾਇਬ੍ਰੇਰੀ ਲੰਗਰ’ ਲਗਾ ਕੇ ਵਿਦਿਆਰਥੀਆਂ ਨੂੰ ਪੁਸਤਕਾਂ ਪ੍ਰਾਪਤ ਕਰਨ ਲਈ ਉਤਸਾਹਿਤ ਕੀਤਾ, ਜਿਸ ਦਾ ਵਿਦਿਆਰਥੀਆਂ ’ਚ ਭਾਰੀ ਉਤਸਾਹ ਦੇਖਣ ਨੂੰ ਮਿਲਿਆ ਤੇ ਵਿਦਿਆਰਥੀਆਂ ਨੇ ਆਪਣੇ ਮਨ ਭਾਉਂਦੇ ਵਿਸ਼ੇ ਦੀਆਂ ਪੁਸਤਕਾਂ ਪ੍ਰਾਪਤ ਕੀਤੀਆਂ। ਸਰਬਜੀਤ ਸਿੰਘ ਤੂਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਅਤੇ ਕੁਲਵਿੰਦਰ ਸਿੰਘ ਸਰਾਏ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਮੁਤਾਬਕ ਜ਼ਿਲ੍ਹੇ ਦੇ ਸਮੂਹ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵੱਲੋਂ ਵਿਦਿਆਰਥੀਆਂ ਦੀ ਸਹੂਲਤ ਅਨੁਸਾਰ ਵੱਖ- ਵੱਖ ਥਾਵਾਂ ’ਤੇ ‘ਲਾਇਬ੍ਰੇਰੀ ਲੰਗਰ’ ਲਗਾ ਕੇ ਪੁਸਤਕਾਂ ਵੰਡੀਆਂ ਗਈਆਂ। ਜਿਸ ਜਰੀਏ ਵਿਦਿਆਰਥੀਆਂ ਦੇ ਮਨਾਂ ਵਿੱਚ ਪੈਦਾ ਕੀਤੀ ਪੁਸਤਕਾਂ ਪੜ੍ਹਨ ਦੀ ਚੇਟਕ ਜਿੱਥੇ ਉਨ੍ਹਾਂ ਦੀਆਂ ਅਕਾਦਮਿਕ ਪ੍ਰਾਪਤੀਆਂ ਬਿਹਤਰੀਨ ਬਣਾਉਣ ਦਾ ਸਬੱਬ ਬਣੇਗੀ ਉਥੇ ਹੀ ਵਿਦਿਆਰਥੀਆਂ ਨੂੰ ਸਮਾਜ ਦੇ ਜਿੰਮੇਵਾਰ ਨਾਗਰਿਕ ਬਣਾਉਣ ਵਿੱਚ ਸਹਾਇਕ ਸਿੱਧ ਹੋਵੇਗੀ।

ਉਪਰਾਲਾ ਸਲਾਹੁਣਯੋਗ

ਸਰਕਾਰੀ ਸਕੂਲਾਂ ਵੱਲੋਂ ‘ਲਾਇਬ੍ਰੇਰੀ ਲੰਗਰ’ ਜਰੀਏ ਵਿਦਿਆਰਥੀਆਂ ਨੂੰ ਸਾਹਿਤ ਨਾਲ ਜੋੜਨ ਦੇ ਉਪਰਾਲੇ ਦੀ ਪ੍ਰਸੰਸਾ ਕਰਦਿਆਂ ਕਹਾਣੀਕਾਰ ਭੋਲਾ ਸਿੰਘ ਸੰਘੇੜਾ ਅਤੇ ਸਿੱਖਿਆ ਸਾਸ਼ਤਰੀ ਅਸ਼ੋਕ ਭਾਰਤੀ ਨੇ ਕਿਹਾ ਕਿ ਇਹ ਉਪਰਾਲਾ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹਿਣਾ ਚਾਹੀਦਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ।