ਗੈੱਸਟ ਫੈਕਲਟਰੀ ਸਹਾਇਕ ਪ੍ਰੋਫੈਸਰਾਂ ਨੇ ਫੂਕੀ ਸਰਕਾਰ ਦੇ ‘ਲਾਰਿਆਂ ਦੀ ਪੰਡ’

0
114

ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰ ਰਾਜ ਪੱਧਰ ਤੇ ਤਿੱਖਾ ਸੰਘਰਸ਼ ਕਰਨ ਲਈ ਤਿਆਰ : ਡਾ. ਰਾਵਿੰਦਰ ਸਿੰਘ

(ਸੁਖਜੀਤ ਮਾਨ) ਮਾਨਸਾ।  ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਦੇ ਵਿਰੋਧ ਵਜੋਂ ਅੱਜ ਆਪਣੇ-ਆਪਣੇ ਕਾਲਜਾਂ ’ਚ ਕਾਂਗਰਸ ਸਰਕਾਰ ਦੇ ਲਾਰਿਆਂ ਦੀ ਪੰਡ ਫੂਕ ਕੇ ਰੋਸ ਪ੍ਰਦਰਸ਼ਨ ਕੀਤੇ। ਇਨ੍ਹਾਂ ਗੇਟ ਰੈਲੀਆਂ ਰਾਹੀਂ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਦੁਹਾਈ ਪਾਉਂਦੇ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਸਰਕਾਰ ਦਾ ਜੰਮ ਕੇ ਪਿੱਟ ਸਿਆਪਾ ਕੀਤਾ।

ਇਸ ਮੌਕੇ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਕਿਹਾ ਕਿ ਸਰਕਾਰ ਵੱਲੋਂ ਨਵੀਆਂ ਅਸਾਮੀਆਂ ਕੱਢ ਕੇ ਉਹਨਾਂ ਦੀ ਨੌਕਰੀ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ ਜਿਸਨੂੰ ਕਿਸੇ ਵੀ ਕੀਮਤ ਤੇ ਸਹਿਣ ਨਹੀਂ ਕੀਤਾ ਜਾਵੇਗਾ। ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ. ਰਾਵਿੰਦਰ ਸਿੰਘ ਮਾਨਸਾ ਨੇ ਦੱਸਿਆ ਕਿ ਸਰਕਾਰ ਨੇ ਮਾਪਿਆਂ ਅਤੇ ਉਹਨਾਂ ਦੇ ਬੱਚਿਆਂ ਤੋਂ ਪੈਸੇ ਇਕੱਤਰ ਕਰਕੇ 15-20 ਸਾਲਾਂ ਤੋਂ ਸਰਕਾਰੀ ਕਾਲਜਾਂ ਨੂੰ ਚਲਾਇਆ ਹੈ ਜਦੋਂਕਿ ਸਿੱਖਿਆ ਪ੍ਰਦਾਨ ਕਰਨਾ ਸਰਕਾਰ ਦਾ ਮੁੱਢਲਾ ਫਰਜ ਹੈ। ਉਹਨਾਂ ਦੱਸਿਆ ਕਿ ਪੀ.ਟੀ.ਏ. ਫੰਡਾਂ ਵਿੱਚੋਂ ਅਧਿਆਪਕਾਂ ਨੂੰ ਤਨਖਾਹ ਦਿੱਤੀ ਜਾ ਰਹੀ ਹੈ ਜਿਸ ਕਾਰਨ ਗਰੀਬ ਵਿਦਿਆਰਥੀਆਂ ਤੇ ਆਰਥਿਕ ਬੋਝ ਵੱਧ ਰਿਹਾ ਹੈ ਅਤੇ ਉਹ ਉੱਚ ਸਿੱਖਿਆ ਪ੍ਰਾਪਤ ਕਰਨ ਤੋਂ ਵਾਝੇ ਹੋ ਰਹੇ ਹਨ।

ਉਹਨਾਂ ਦੱਸਿਆ ਕਿ ਸਰਕਾਰੀ ਕਾਲਜਾਂ ਵਿੱਚ ਇਸ ਵੇਲੇ 906 ਗੈੱਸਟ ਪ੍ਰੋਫੈਸਰ ਕੰਮ ਕਰ ਰਹੇ ਹਨ ਜਿੰਨ੍ਹਾਂ ਨੇ ਆਪਣੀ ਜਿੰਦਗੀ ਦਾ ਸੁਨਹਿਰੀ ਸਮਾਂ ਸਰਕਾਰੀ ਕਾਲਜਾਂ ਨੂੰ ਚਲਾਉਣ ’ਚ ਲਗਾਇਆ ਹੈ। ਉਹਨਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਉਹਨਾਂ ਦੀ ਨੌਕਰੀ ਨੁੰ ਸੁਰੱਖਿਅਤ ਕਰਨ ਅਤੇ ਉਹਨਾਂ ਦੀ ਸਾਰੀ ਤਨਖਾਹ 56100 ਸਰਕਾਰੀ ਖਜਾਨੇ ’ਚੋਂ ਦੇਣ ਦਾ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਗਿਆ ਤਾਂ ਉਹ ਗੁਪਤ ਐਕਸ਼ਨ ਦੇ ਨਾਲ-ਨਾਲ ਰਾਜ ਪੱਧਰ ਤੇ ਵੀ ਵੱਡੇ ਸੰਘਰਸ਼ ਕਰਨ ਲਈ ਤਿਆਰ ਹਨ ਜਿਸ ਦੀ ਪੂਰੀ ਜਿਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿਖੇ ਜਿਲ੍ਹਾ ਪ੍ਰਧਾਨ ਪ੍ਰੋ. ਕੁਲਦੀਪ ਸਿੰਘ ਢਿੱਲੋਂ ਅਤੇ ਸਰਪ੍ਰਸਤ ਪ੍ਰੋ. ਅੰਬੇਸ਼ ਭਾਰਦਵਾਜ ਦੀ ਅਗਵਾਈ ਵਿੱਚ ਕਾਲਜ ਵਿਖੇ ਤਿੱਖੇ ਰੋਸ ਪ੍ਰਦਰਸ਼ਨ ਦੇ ਨਾਲ ਹੀ ਗੇਟ ਰੈਲੀ ਕੀਤੀ ਗਈ ਅਤੇ ਚੰਨੀ ਸਰਕਾਰ ਦੇ ਲਾਰਿਆਂ ਦੀ ਪੰਡ ਕਾਲਜ ਗੇਟ ਤੇ ਫੂਕੀ ਗਈ। ਰੋਸ ਪ੍ਰਦਰਸ਼ਨ ’ਚ ਸ਼ਾਮਿਲ ਪ੍ਰੋ. ਕੁਲਦੀਪ ਚੌਹਾਨ, ਡਾ. ਅਜਮੀਤ ਕੌਰ, ਪ੍ਰੋ. ਬਲਜੀਤ ਸਿੰਘ, ਡਾ. ਤਨਵੀਰ, ਪ੍ਰੋ. ਜੋਤੀ, ਪ੍ਰੋ. ਪ੍ਰਤੀਭਾ ਜਿੰਦਲ ਨੇ ਦੱਸਿਆ ਕਿ ਜੇਕਰ ਉਹਨਾਂ ਦੀ ਨੌਕਰੀ ਨੂੰ ਸੁਰੱਖਿਅਤ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਆਪਣੇ ਪਰਿਵਾਰਾਂ, ਰਿਸ਼ਤੇਦਾਰਾਂ ਨੂੰ ਨਾਲ ਲੈ ਕੇ ਪੰਜਾਬ ਸਰਕਾਰ ਖਿਲਾਫ ਤਿੱਖਾ ਸੰਘਰਸ਼ ਕਰਨ ਦੀ ਰੌਅ ’ਚ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ