ਪਹਿਲੀ ਵਾਰ ਵਿਧਾਇਕ ਬਣੇ ਹਰਦਿਆਲ ਕੰਬੋਜ ਦੀ ਅਗਵਾਈ ‘ਚ ਕੰਮ ਕਰਨਗੇ ਪਰਕਾਸ਼ ਸਿੰਘ ਬਾਦਲ

0
59

ਵਿਧਾਨ ਸਭਾ ਸਪੀਕਰ ਵਲੋਂ ਨਾਮਜ਼ਦ ਕੀਤੇ ਗਏ 13 ਕਮੇਟੀਆਂ ਦੇ ਮੈਂਬਰ

ਚੰਡੀਗੜ੍ਹ, (ਅਸ਼ਵਨੀ ਚਾਵਲਾ)। ਪੰਜਾਬ ‘ਚ ਪੰਜ ਵਾਰ ਮੁੱਖ ਮੰਤਰੀ ਰਹੇ ਪਰਕਾਸ਼ ਸਿੰਘ ਬਾਦਲ ਹੁਣ ਪਹਿਲੀ ਵਾਰ ਵਿਧਾਇਕ ਬਣੇ ਹਰਦਿਆਲ ਕੰਬੋਜ ਵਾਲੀ ਕਮੇਟੀ ਵਿੱਚ ਬਤੌਰ ਮੈਂਬਰ ਕੰਮ ਕਰਨਗੇ। ਪਰਕਾਸ਼ ਸਿੰਘ ਬਾਦਲ ਨੂੰ ਹਰਦਿਆਲ ਕੰਬੋਜ ਦੀ ਅਗਵਾਈ ਵਿੱਚ ਪੂਰਾ ਸਾਲ ਵਿਧਾਨ ਸਭਾ ਦੀ ਅਨੁਮਾਨ ਕਮੇਟੀ ਵਿੱਚ ਕੰਮ ਕਰਨਾ ਪਏਗਾ। ਹਾਲਾਂਕਿ ਪਿਛਲੀ ਵਾਰ ਵੀ ਪਰਕਾਸ਼ ਸਿੰਘ ਬਾਦਲ ਨੂੰ ਇੱਕ ਕਮੇਟੀ ਦਾ ਮੈਂਬਰ ਬਣਾਇਆ ਗਿਆ ਸੀ ਅਤੇ ਉਨਾਂ ਆਪਣਾ ਅਸਤੀਫ਼ਾ ਦੇ ਦਿੱਤਾ ਸੀ।

ਹੁਣ ਵੀ ਇਸ ਤਰਾਂ ਦਾ ਹੀ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿਉਂਕਿ 5 ਵਾਰ ਮੁੱਖ ਮੰਤਰੀ ਰਹਿਣ ਵਾਲੇ ਪਰਕਾਸ਼ ਸਿੰਘ ਬਾਦਲ ਵੱਲੋਂ ਕਿਸੇ ਵਿਧਾਇਕ ਦੀ ਅਗਵਾਈ ਹੇਠ ਕੰਮ ਕਰਨ ਦੇ ਆਸਾਰ ਘੱਟ ਹੀ ਹਨ। ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਸਾਲ 2020-21 ਲਈ ਸਦਨ ਦੀਆਂ 13 ਵੱਖ-ਵੱਖ ਕਮੇਟੀਆਂ ਲਈ ਚੇਅਰਮੈਨ ਅਤੇ ਮੈਂਬਰ ਨਾਮਜ਼ਦ ਕੀਤੇ ਗਏ ਹਨ। ਇਸ ਸਬੰਧੀ ਅੱਜ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਲੋਕ ਲੇਖਾ ਕਮੇਟੀ ਦਾ ਚੇਅਰਮੈਨ ਗੁਰਮੀਤ ਸਿੰਘ ਮੀਤ ਹੇਅਰ ਨੂੰ ਬਣਾਇਆ ਗਿਆ ਹੈ ਜਦਕਿ ਸਰਕਾਰੀ ਕਾਰੋਬਾਰ ਕਮੇਟੀ ਦੇ ਚੇਅਰਮੈਨ ਕੁਲਜੀਤ ਸਿੰਘ ਨਾਗਰਾ ਹੋਣਗੇ।

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ (ਅਹੁਦੇ ਦੇ ਆਧਾਰ ‘ਤੇ) ਹਾਊਸ ਕਮੇਟੀ ਦੇ ਚੇਅਰਮੈਨ ਹੋਣਗੇ ਜਦਕਿ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਸਥਾਨਕ ਸੰਸਥਾਵਾਂ ਅਤੇ ਪੰਚਾਇਤੀ ਰਾਜ ਇਕਾਈਆਂ ਸਬੰਧੀ ਕਮੇਟੀ, ਇੰਦਰਬੀਰ ਸਿੰਘ ਬੁਲਾਰੀਆ ਨੂੰ ਸਰਕਾਰੀ ਭਰੋਸਿਆਂ ਸਬੰਧੀ ਕਮੇਟੀ, ਤਰਸੇਮ ਸਿੰਘ ਡੀ.ਸੀ. ਨੂੰ ਅਧੀਨ ਵਿਧਾਨ ਕਮੇਟੀ, ਗੁਰਕੀਰਤ ਸਿੰਘ ਕੋਟਲੀ ਨੂੰ ਪਟੀਸ਼ਨ ਕਮੇਟੀ, ਗੁਰਪ੍ਰਤਾਪ ਸਿੰਘ ਵਡਾਲਾ ਨੂੰ ਮੇਜ਼ ‘ਤੇ ਰੱਖੇ ਗਏ /ਰੱਖੇ ਜਾਣ ਵਾਲੇ ਕਾਗਜ਼-ਪੱਤਰਾਂ ਸਬੰਧੀ ਕਮੇਟੀ, ਸੁਰਿੰਦਰ ਕੁਮਾਰ ਡਾਵਰ ਨੂੰ ਲਾਇਬ੍ਰੇਰੀ ਕਮੇਟੀ, ਪਰਮਿੰਦਰ ਸਿੰਘ ਪਿੰਕੀ ਨੂੰ ਕੁਐਸਚਨਜ਼ ਅਤੇ ਰੈਫਰੈਂਸਿਜ਼ ਕਮੇਟੀ ਅਤੇ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਵਿਸ਼ੇਸ਼ ਅਧਿਕਾਰ ਕਮੇਟੀ ਦਾ ਚੇਅਰਮੈਨ ਲਾਇਆ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।