ਸਿਹਤ ਕਾਮਿਆਂ ਨੇ ਪੰਜਾਬ ਸਰਕਾਰ ਦੇ ਲਾਰਿਆਂ ਦੀ ਲੋਹੜੀ ਬਾਲੀ

Health workers

ਕਾਂਗਰਸ ਮੰਤਰੀਆਂ ਦਾ ਹਲਕਿਆਂ ਵਿੱਚ ਘਿਰਾਓ ਕਰਨ ਦਾ ਐਲਾਨ

(ਰਾਜਨ ਮਾਨ) ਅੰਮ੍ਰਿਤਸਰ। ਪੰਜਾਬ ਸਰਕਾਰ ਦੇ ਲਾਰਿਆਂ ਤੋਂ ਤੰਗ ਆ ਕੇ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ ‘ਤੇ ਰਾਤਾਂ ਕੱਟ ਰਹੀਆਂ ਕੰਟਰੈਕਟ ਮਲਟੀਪਰਪਜ ਹੈਲਥ ਵਰਕਰ ਫੀਮੇਲ ਵੱਲੋਂ ਪੰਜਾਬ ਸਰਕਾਰ ਦੇ ਲਾਰਿਆਂ ਦੀ ਲੋਹੜੀ ਬਾਲ ਕੇ ਮੰਤਰੀਆਂ ਦੇ ਹਲਕਿਆਂ ਵਿੱਚ ਉਹਨਾਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ।

ਆਪਣੀਆਂ ਮੰਗਾਂ ਨਾ ਮੰਨੀਆਂ ਜਾਣ ਦੇ ਵਿਰੋਧ ਵਿੱਚ ਅੱਜ ਕੱਥੂ ਨੰਗਲ ਟੋਲ ਪਲਾਜ਼ਾ ’ਤੇ ਸਿਹਤ ਕਾਮਿਆਂ ਨੇ ਪੰਜਾਬ ਸਰਕਾਰ ਦੇ ਲਾਰਿਆਂ ਦੀ ਲੋਹੜੀ ਬਾਲ ਕੇ ਸਰਕਾਰ ਦਾ ਪਿੱਟ ਸਿਆਪਾ ਕੀਤਾ। ਉਹਨਾਂ ਮੰਗ ਕੀਤੀ ਕਿ ਉਹਨਾਂ ਵਿਰੁੱਧ ਦਰਜ ਪੁਲਿਸ ਕੇਸ ਤੁਰੰਤ ਵਾਪਸ ਲਏ ਜਾਣ। ਉਹਨਾਂ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ 7 ਦਿਨ ਦਾ ਅਲਟੀਮੇਟਮ ਦਿੱਤਾ ਹੈ ਕਿ ਇਕ ਹਫਤੇ ਵਿੱਚ ਉਹਨਾਂ ਵਿਰੁੱਧ ਥਾਣਾ ਕੱਥੂਨੰਗਲ ਵਿਚ ਦਰਜ ਕੇਸ ਰੱਦ ਕੀਤੇ ਜਾਣ ਨਹੀਂ ਤਾਂ ਉਹ ਐਸਐਸਪੀ ਦੇ ਦਫਤਰ ਦਾ ਘਿਰਾਓ ਕਰਨਗੇ।

ਧਰਨਾਕਾਰੀਆਂ ਨੇ ਚੋਣ ਜ਼ਾਬਤਾ ਲੱਗਣ ਕਾਰਨ ਆਪਣਾ ਧਰਨਾ ਮੁਲਤਵੀਂ ਕਰਨ ਦਾ ਫੈਸਲਾ ਕੀਤਾ

Health workers Punjab

ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੀ ਸੂਬਾ ਜਨਰਲ ਸਕੱਤਰ ਸਰਬਜੀਤ ਕੌਰ ਅਤੇ ਸੂਬਾ ਪ੍ਰੈਸ ਸਕੱਤਰ ਸਤਿੰਦਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਹਨਾਂ ਨੂੰ ਪਿਛਲੇ ਇੱਕ ਮਹੀਨੇ ਤੋਂ ਲਾਰਿਆਂ ਵਿੱਚ ਲਾ ਕੇ ਉਹਨਾਂ ਨਾਲ ਧੋਖਾ ਕੀਤਾ ਹੈ। ਉਹਨਾਂ ਕਿਹਾ ਪੰਜਾਬ ਸਰਕਾਰ ਨੇ ਸੂਬੇ ਦੇ 36000 ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵੀ ਡਰਾਮਾ ਕੀਤਾ ਸੀ ਅਤੇ ਇਹ ਮੁਲਾਜ਼ਮਾਂ ਨਾਲ ਵੱਡਾ ਖਿਲਵਾੜ ਕੀਤਾ ਗਿਆ ਹੈ।

ਉਹਨਾਂ ਕਿਹਾ ਕਿ ਚੋਣਾਂ ਨੂੰ ਮੱਦੇਨਜ਼ਰ ਇਹ ਧਰਨਾ ਮੁਲਤਵੀਂ ਕੀਤਾ ਜਾ ਰਿਹਾ ਹੈ ਅਤੇ ਹੁਣ ਸਾਰੇ ਮੰਤਰੀਆਂ ਦਾ ਉਹਨਾਂ ਦੇ ਹਲਕਿਆਂ ਵਿੱਚ ਵਿਰੋਧ ਕੀਤਾ ਜਾਵੇਗਾ ਅਤੇ ਇਸ ਲਾਰੇਬਾਜ਼ ਸਰਕਾਰ ਦੀ ਲੋਕਾਂ ਵਿੱਚ ਪੋਲ ਖੋਲੀ ਜਾਵੇਗੀ। ਉਹਨਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਵੱਲੋਂ ਜਾਰੀ ਕੀਤੇ ਜਾ ਰਹੇ ਚੋਣ ਘੋਸ਼ਣਾ ਪੱਤਰ ਨੂੰ ਕਾਨੂੰਨੀ ਰੂਪ ਦਿੱਤਾ ਜਾਵੇ ਤਾਂ ਜੋ ਪੰਜਾਬ ਦੇ ਲੋਕਾਂ ਨਾਲ ਸਰਕਾਰਾਂ ਧੋਖਾ ਨਾ ਕਰ ਸਕਣ।

7 ਦਿਨ ਦਾ ਦਿੱਤਾ ਸਮਾਂ, ਨਹੀਂ ਤਾਂ ਐਸਐਸਪੀ ਅੰਮ੍ਰਿਤਸਰ ਦਿਹਾਤੀ ਦੇ ਦਫਤਰ ਦਾ ਕਰਾਂਗੇ ਘਿਰਾਓ

ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਉਹਨਾਂ ਵਿਰੁੱਧ ਦਰਜ ਪੁਲਿਸ ਕੇਸ ਵਾਪਸ ਲੈਣ ਸਬੰਧੀ ਨਾਇਬ ਤਹਿਸੀਲਦਾਰ ਨਾਲ ਗੱਲਬਾਤ ਹੋਈ ਹੈ ਅਤੇ ਇਸ ਸਬੰਧੀ 7 ਦਿਨ ਦਾ ਸਮਾਂ ਦਿੱਤਾ ਗਿਆ ਹੈ ਨਹੀਂ ਤਾਂ ਐਸਐਸਪੀ ਅੰਮ੍ਰਿਤਸਰ ਦਿਹਾਤੀ ਦੇ ਦਫਤਰ ਦਾ ਘਿਰਾਓ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਹੈਲਥ ਵਰਕਰਾਂ ਨੂੰ ਰੈਗੂਲਰ ਕਰਨ ੳਪਰੰਤ ਸੋ ਫੀਸਦੀ ਤਨਖਾਹ ਕੇਂਦਰ ਸਰਕਾਰ ਅਦਾ ਕਰੇਗੀ। ਇਹ ਗੱਲ ਅਸੀਂ ਸਿਹਤ ਮੰਤਰੀ ਅਤੇ ਉੱਚ ਅਧਿਕਾਰੀਆਂ ਨੂੰ ਵਾਰ-ਵਾਰ ਮੀਟਿੰਗਾਂ ਕਰਕੇ ਦੱਸ ਚੁੱਕੇ ਹਾਂ। ਪਰ ਉਹਨਾਂ ਵੱਲੋਂ ਸਾਡੀ ਗੱਲ ਸਮਝਣ ਦੀ ਬਜਾਏ ਉਹੀ ਰਟਿਆ ਰਟਾਇਆ ਜਵਾਬ ਕੇ ਤੁਸੀਂ ਕੇਂਦਰ ਦੀ ਸਕੀਮ ਤਹਿਤ ਭਰਤੀ ਹੋ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਸਿਹਤ ਮਹਿਕਮੇ ਵੱਲੋਂ ਹੈਲਥ ਵਰਕਰਾਂ ਨੂੰ ਨਿੱਤ ਨਵੀਆਂ ਚਿੱਠੀਆਂ ਕੱਢ ਕੇ ਪਹਿਲਾਂ ਤਨਖਾਹ ਬੰਦ ਕੀਤੀ ਅਤੇ ਹੁਣ ਟਰਮੀਨੇਸ਼ਨ ਦੀਆ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ‘ਤੇ ਕੰਟਰੈਕਟ ਮਲਟੀਪਰਪਜ ਹੈਲਥ ਵਰਕਰ ਦੇ ਆਗੂ ਚੰਚਲ ਬਾਲਾ, ਰਣਜੀਤ ਕੌਰ,ਪ੍ਰਨੀਤ ਕੌਰ, ਰਣਜੀਤ ਕੌਰ ,ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਿਲਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ, ਗੁਰਮੇਜ ਸਿੰਘ, ਰਛਪਾਲ ਸਿੰਘ ਸਮੇਤ ਸੈਂਕੜੇ ਵਰਕਰਾਂ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here