ਵਿਧਾਇਕ ਚੰਦੂਮਾਜਰਾ ਨੇ ਮਾਰਿਆ ਆਰ.ਟੀ.ਏ. ਦਫਤਰ ‘ਤੇ ਛਾਪਾ, ਤਾਲਾ ਲੱਗਿਆ ਮਿਲਿਆ

0
MLA , Chandumajra ,RTA ,Office, Raided, Lock

ਪਿਛਲੇ ਤਿੰਨ ਦਿਨਾਂ ਤੋਂ ਬੰਦ ਪਿਆ ਹੈ ਆਰ.ਟੀ.ਏ. ਦਫਤਰ

ਖੁਸ਼ਵੀਰ ਸਿੰਘ ਤੂਰ/ਪਟਿਆਲਾ । ਲਗਾਤਾਰ ਲੋਕਾਂ ਦੀ ਖੱਜਲ-ਖੁਆਰੀ ਦੀ ਸੂਚਨਾ ਮਿਲਣ ਤੋਂ ਬਾਅਦ ਅੱਜ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਰਿਜਨਲ ਟਰਾਂਸਪੋਰਟ ਅਥਾਰਟੀ (ਆਰ. ਟੀ. ਏ.) ਦੇ ਦਫ਼ਤਰ ਪਹੁੰਚੇ ਜਿੱਥੇ ਦਫ਼ਤਰ ਨੂੰ ਤਾਲਾ ਲੱਗਿਆ ਹੋਇਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਖੁਦ ਆਰ. ਟੀ. ਏ. ਅਰਵਿੰਦ ਕੁਮਾਰ ਨਾਲ ਫੋਨ ‘ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਸੰਪਰਕ ਨਹੀਂ ਹੋ ਸਕਿਆ। ਇਸ ਦੌਰਾਨ ਵਿਧਾਇਕ ਨੂੰ ਕਈ ਲੋਕ ਮਿਲੇ ਜਿਨ੍ਹਾਂ ਨੇ ਦੱਸਿਆ ਕਿ ਆਰ. ਟੀ. ਏ. ਦਫ਼ਤਰ ਪਿਛਲੇ ਤਿੰਨ ਦਿਨਾਂ ਤੋਂ ਬੰਦ ਪਿਆ ਹੈ ਤੇ ਲੋਕਾਂ ਨੂੰ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਇਸ ਤੋਂ ਬਾਅਦ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਉਨ੍ਹਾਂ ਨੂੰ ਲਗਾਤਾਰ ਲੋਕਾਂ ਦੀ ਖੱਜਲ-ਖੁਆਰੀ ਦੀ ਸੂਚਨਾ ਮਿਲ ਰਹੀ ਸੀ ਤੇ ਅੱਕ ਕੇ ਅੱਜ ਜਦੋਂ ਉਹ ਖੁਦ ਆਰ. ਟੀ. ਏ. ਦਫ਼ਤਰ ਪਹੁੰਚੇ ਤਾਂ ਦਫ਼ਤਰ ਨੂੰ ਤਾਲਾ ਲੱਗਿਆ ਹੋਇਆ ਸੀ।

ਵਿਧਾਇਕ ਚੰਦੂਮਾਜਰਾ ਨੇ ਕਿਹਾ ਕਿ ਪਟਿਆਲਾ ਵਿਖੇ ਦੋ ਜ਼ਿਲ੍ਹਿਆਂ ਦੇ ਲੋਕ ਆਪਣੇ ਕੰਮਾਂ-ਕਾਰਾਂ ਲਈ ਆਉਂਦੇ ਹਨ ਪਰ ਉਨ੍ਹਾਂ ਨੂੰ ਰੋਜ ਵਾਪਸ ਮੁੜਨਾ ਪੈ ਰਿਹਾ ਹੈ ਕਿਉਂਕਿ ਸੀਟ ‘ਤੇ ਆਰ. ਟੀ. ਏ. ਬੈਠ ਹੀ ਨਹੀਂ ਰਿਹਾ। ਵਿਧਾਇਕ ਚੰਦੂਮਾਜਰਾ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਦੇ ਆਪਣੇ ਸ਼ਹਿਰ ਦਾ ਇਹ ਹਾਲ ਹੈ ਤਾਂ ਬਾਕੀ ਸ਼ਹਿਰਾਂ ਵਿੱਚ ਪ੍ਰਸ਼ਾਸਨ ਕਿੰਨਾ ਕੁ ਚੁਸਤ-ਦਰੁਸਤ ਹੋਵੇਗਾ, ਇਸ ਦਾ ਅੰਦਾਜ਼ਾ ਸਹਿਜੇ ਹੀ ਲਾਇਆ ਜਾ ਸਕਦਾ ਹੈ। ਵਿਧਾਇਕ ਚੰਦੂਮਾਜਰਾ ਨੇ ਦੱਸਿਆ ਕਿ ਜਦੋਂ ਉਹ ਆਰ. ਟੀ. ਏ. ਦਫ਼ਤਰ ਦੇ ਬਾਹਰ ਖੜ੍ਹੇ ਸਨ ਤਾਂ ਬਹੁਤ ਲੋਕਾਂ ਨੇ ਆ ਕੇ ਦੱਸਿਆ ਕਿ ਉਹ ਪਿਛਲੇ 3 ਦਿਨ ਤੋਂ ਇੱਥੇ ਚੱਕਰ ਲਾ ਰਹੇ ਹਨ ਪਰ ਕੋਈ ਇੱਥੇ ਸੁਣਵਾਈ ਕਰਨ ਵਾਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਆਪਣੀ ਜ਼ਿੰਮੇਵਾਰੀ ਨੂੰ ਸਮਝਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਲਈ ਲਾਇਆ ਗਿਆ ਹੈ ਨਾ ਕਿ ਲੋਕਾਂ ਨੂੰ ਖੱਜਲ-ਖੁਆਰ ਤੇ ਤੰਗ-ਪਰੇਸ਼ਾਨ ਕਰਨ ਲਈ। ਇਸ ਮੌਕੇ ਪ੍ਰੋ. ਚੰਦੂਮਾਜਰਾ ਦੇ ਸਿਆਸੀ ਸਕੱਤਰ ਜਗਜੀਤ ਸਿੰਘ ਕੋਹਲੀ, ਮਨਦੀਪ ਸਿੰਘ ਬੱਤੀ, ਲੱਖਾ ਸਿੰਘ ਸੰਧੂ ਪ੍ਰਧਾਨ ਆਈ.ਟੀ ਵਿੰਗ ਸਨੌਰ, ਵਰਿੰਦਰ ਸਿੰਘ ਡਕਾਲਾ ਆਦਿ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।