Breaking News

ਹੁਣ ਡਰੋਨ ਨਾਲ ਹੋਵੇਗੀ ਜੇਲ੍ਹਾਂ ਦੀ ਸੁਰੱਖਿਆ

Nabha Jails, Safe, Jails, Capt Amarinder Singh

ਮੁੱਖ ਮੰਤਰੀ ਵੱਲੋਂ ਸਾਰੀਆਂ ਜੇਲ੍ਹਾਂ ‘ਚ ਡਰੋਨ ਤੇ ਸੀਸੀਟੀਵੀ ਲਾਉਣ?ਦੇ ਹੁਕਮ

ਅਸ਼ਵਨੀ ਚਾਵਲਾ
ਚੰਡੀਗੜ੍ਹ, 4 ਜੁਲਾਈ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜੇਲ੍ਹਾਂ ਦੀ ਸੁਰੱਖਿਆ ਨੂੰ ਮਜ਼ਬੂਤ ਬਣਾਉਣ ਵਾਸਤੇ ਵੀਰਵਾਰ ਨੂੰ ਸਖ਼ਤ ਕਦਮ ਚੁੱਕੇ ਜਾਣ ਦੇ ਲਏ ਗਏ ਫੈਸਲੇ ਦੇ ਸੰਦਰਭ ਵਿੱਚ ਪੰਜਾਬ ਦੀਆਂ ਸਾਰੀਆਂ ਜੇਲ੍ਹਾਂ ਵਿੱਚ ਡਰੋਨ ਅਤੇ ਸੀ.ਸੀ.ਟੀ.ਵੀ. ਕੈਮਰੇ ਉਪਲੱਬਧ ਕਰਾਏ ਜਾਣਗੇ। ਜੇਲ੍ਹ ਸੁਰੱਖਿਆ ਪ੍ਰਣਾਲੀ ਦਾ ਜਾਇਜ਼ਾ ਲੈਣ ਲਈ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਨਾਲ ਸਬੰਧਿਤ ਮੁਲਾਜ਼ਮਾਂ ਨੂੰ ਜੇਲ੍ਹ ਵਿਭਾਗ ਵਿੱਚ ਡੈਪੂਟੇਸ਼ਨ ‘ਤੇ ਭੇਜਣ ਦਾ ਫੈਸਲਾ ਕੀਤਾ ਹੈ ਤਾਂ ਜੋ ਉਹ ਖੁਫੀਆ ਜਾਣਕਾਰੀ ਇੱਕਤਰ ਕਰਨ ਲਈ ਸਟਾਫ਼ ਦੀ ਮਦਦ ਕਰ ਸਕਣ ਜੋ ਕਿ ਪੁਖਤਾ ਸੁਰੱਖਿਆ ਨੂੰ ਯਕੀਨੀ ਬਣਾਉਣ ਵਾਸਤੇ ਬਹੁਤ ਅਹਿਮ ਹੈ।

ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਸੁਣਵਾਈ ਅਧੀਨ ਗੈਂਗਸਟਰਾਂ ਅਤੇ ਗਰਮ ਖਿਆਲੀਆਂ ਨੂੰ ਹੋਰਾਂ ਕੈਦੀਆਂ ਤੋਂ ਵੱਖਰਾ ਕਰਨ ਲਈ ਵਿਆਪਕ ਰਣਨੀਤੀ ਤਿਆਰ ਕਰਨ ਵਾਸਤੇ ਵੀ ਜੇਲ੍ਹ ਵਿਭਾਗ ਨੂੰ ਆਖਿਆ ਹੈ ਜੋ ਕਿ ਉਨ੍ਹਾਂ ਨੂੰ ਸੂਬੇ ਤੋਂ ਬਾਹਰ ਹੋਰਨਾਂ ਜੇਲ੍ਹਾਂ ਵਿੱਚ ਤਬਦੀਲ ਕਰਨ ਨਾਲ ਹੀ ਸੰਭਵ ਹੋ ਸਕਦਾ ਹੈ। ਇਸ ਪ੍ਰਸਤਾਵ ਦਾ ਉਦੇਸ਼ ਜੇਲ੍ਹਾਂ ਵਿੱਚੋਂ ਗਰਮ ਖਿਆਲੀਆਂ ਅਤੇ ਅੱਤਵਾਦੀਆਂ/ਗੈਂਗਸਟਰਾਂ ਦੀਆਂ ਅਪਰਾਧਕ ਸਰਗਰਮੀਆਂ ਨੂੰ ਰੋਕਣਾ ਹੈ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਮਹੀਨੇ ‘ਚ ਇੱਕ ਵਾਰੀ ਆਪਣੇ-ਆਪਣੇ ਸਬੰਧਤ ਜ਼ਿਲ੍ਹਿਆਂ ਦੀਆਂ ਜੇਲ੍ਹਾਂ ਦਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਇਨ੍ਹਾਂ ਜੇਲ੍ਹਾਂ ਵਿੱਚ ਸੁਰੱਖਿਆ ਪ੍ਰਬੰਧਾਂ ਅਤੇ ਭਲਾਈ ਕਦਮਾਂ ‘ਤੇ ਢੁੱਕਵੀਂ ਨਿਗਰਾਨੀ ਰੱਖਣ ਨੂੰ ਯਕੀਨੀ ਬਣਾਇਆ ਜਾ ਸਕੇ। ਮੀਟਿੰਗ ਤੋਂ ਬਾਅਦ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਨੂੰ ਜੇਲ੍ਹਾਂ ਵਿਚਲੀਆਂ ਘਾਟਾਂ ਦੀ ਸ਼ਨਾਖਤ ਕਰਨ ਲਈ ਨਿੱਜੀ ਤੌਰ ‘ਤੇ ਪੜਤਾਲ ਕਰਨ ਲਈ ਕਿਹਾ ਹੈ ਅਤੇ ਸੁਰੱਖਿਆ ਉਪਕਰਨਾਂ ਵਿੱਚ ਦਿਸਦੀ ਕਿਸੇ ਵੀ ਤਰ੍ਹਾਂ ਦੀ ਕਮੀ ਨੂੰ ਬਿਨਾਂ ਕਿਸੇ ਦੇਰੀ ਤੋਂ ਪੂਰੀ ਕਰਨ ਨੂੰ ਯਕੀਨੀ ਬਣਾਉਣ ਲਈ ਆਖਿਆ ਹੈ।

ਵਾਰਡਨਾਂ ਦੀਆਂ ਖਾਲੀ ਅਸਾਮੀਆਂ ਭਰਨ ਦੇ ਆਦੇਸ਼

ਨਾਭਾ ਜੇਲ੍ਹ ਵਿੱਚ ਹੋਈ ਹੱਤਿਆ ਅਤੇ ਲੁਧਿਆਣਾ ਜੇਲ੍ਹ ਵਿੱਚ ਹੋਏ ਦੰਗਿਆਂ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਨੇ ਵਾਰਡਨਾਂ ਦੀਆਂ ਖਾਲੀ ਪਈਆਂ 700 ਅਸਾਮੀਆਂ ਨੂੰ ਬਿਨਾਂ ਕਿਸੇ ਦੇਰੀ ਤੋਂ ਭਰਨ ਦੇ ਨਿਰਦੇਸ਼ ਦਿੱਤੇ ਹਨ। ਹਾਲਾਂਕਿ ਸਰਕਾਰ ਨੇ ਪਹਿਲਾਂ ਹੀ 400 ਵਾਰਡਨਾਂ ਦੀ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਦੇ ਵਾਸਤੇ ਵਿੱਤ ਵਿਭਾਗ ਨੇ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਨੇ ਬਾਕੀ ਰਹਿੰਦਿਆਂ 300 ਅਸਾਮੀਆਂ ਵੀ ਜਲਦ ਤੋਂ ਜਲਦ ਭਰਨ ਵਾਸਤੇ ਵਿਭਾਗ ਨੂੰ ਪ੍ਰਵਾਨਗੀ ਦੇਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਵਾਰਡਨਾਂ ਦੀ ਭਰਤੀ ਦੇ ਵਾਸਤੇ ਮੌਜੂਦਾ ਇਕੱਲੇ ਲਿਖਤੀ ਟੈਸਟ ਕਰਾਉਣ ਦੇ ਅਮਲ ਦੀ ਥਾਂ ਸਰੀਰਕ ਟੈਸਟ ਅਤੇ ਸਰੀਰਕ ਟੈਸਟ ਦੇ ਘੱਟੋ-ਘੱਟ ਮਾਪਦੰਡਾਂ ਨੂੰ ਲਾਜ਼ਮੀ ਤੌਰ ‘ਤੇ ਪੂਰੇ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਜੇਲ੍ਹ ਮੈਨੂਅਲ ਦਾ ਜਾਇਜ਼ਾ

ਕੈਪਟਨ ਅਮਰਿੰਦਰ ਸਿੰਘ ਨੇ ਜੇਲ੍ਹ ਮੈਨੂਅਲ ਦਾ ਜਾਇਜ਼ਾ ਲੈਣ ਲਈ ਵੀ ਜੇਲ੍ਹ ਵਿਭਾਗ ਨੂੰ ਹਦਾਇਤ ਕੀਤੀ ਹੈ। ਉਨ੍ਹਾਂ ਕੈਦੀਆਂ ਵਾਸਤੇ ਪੈਰੋਲ ਨੂੰ ਮੁਸ਼ਕਿਲ ਬਣਾਉਣ ਲਈ ਢੁੱਕਵੀਆਂ ਸੋਧਾਂ ਕਰਨ ਲਈ ਆਖਿਆ ਹੈ ਕਿਉਂਕਿ ਇਨ੍ਹਾਂ ਨੂੰ ਜੇਲ੍ਹਾਂ ਤੋਂ ਬਾਹਰ ਆ ਕੇ ਸਮੱਸਿਆਵਾਂ ਪੈਦਾ ਕਰਦੇ ਹੋਏ ਦੇਖਿਆ ਗਿਆ ਹੈ। ਆਈ.ਆਰ.ਬੀ. ਦੇ ਬਦਲੇ ਸੀ.ਆਰ.ਪੀ.ਐਫ. ਦੀਆਂ ਚਾਰ ਕੰਪਨੀਆਂ ਤਾਇਨਾਤ ਕਰਨ ਲਈ ਹਾਲ ਹੀ ਦੀ ਮੀਟਿੰਗ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਦਿੱਤੀ ਗਈ ਪ੍ਰਵਾਨਗੀ ਦਾ ਜ਼ਿਕਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਜਲਦ ਤੋਂ ਜਲਦ ਇਸ ਸਬੰਧ ਵਿੱਚ ਵਿਧੀ-ਵਿਧਾਨ ਬਣਾਉਣ ਲਈ ਹੁਕਮ ਦਿੱਤੇ ਹਨ। ਉਨ੍ਹਾਂ ਹਦਾਇਤ ਕੀਤੀ ਹੈ ਕਿ ਸੀ.ਆਰ.ਪੀ.ਐਫ. ਦੀਆਂ ਕੰਪਨੀਆਂ ਜਿੰਨਾਂ ਜਲਦੀ ਹੋ ਸਕੇ ਜੇਲ੍ਹ ਡਿਊਟੀ ‘ਤੇ ਤਾਇਨਾਤ ਕੀਤੀਆਂ ਜਾਣ।

ਜੇਲ੍ਹਾਂ ਵਿੱਚ ਮੋਬਾਈਲ ਫੋਨਾਂ ਆਦਿ ਦੀ ਤਸਕਰੀ ਵਿੱਚ ਪੈਸਕੋ ਮੁਲਾਜ਼ਮਾਂ ਦੀ ਸ਼ਮੂਲੀਅਤ ਸਬੰਧੀ ਸ਼ਿਕਾਇਤਾਂ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਜੇਲ੍ਹਾਂ ਵਿੱਚ ਤਾਇਨਾਤ ਕੀਤੇ ਜਾਣ ਵਾਲੇ ਅਜਿਹੇ ਸਾਰੇ ਮੁਲਾਜ਼ਮਾਂ ਦੀ ਪਰਖ-ਪੜਤਾਲ ਕਰਨ ਲਈ ਆਖਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕੈਦੀਆਂ ਨੂੰ ਉਤਪਾਦਕਤਾ ਦੇ ਤੌਰ ‘ਤੇ ਰੁੱਝੇ ਹੋਏ ਰੱਖਣ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਐਨ.ਜੀ.ਓਜ਼ ਦੇ ਨਾਲ ਮਿਲ ਕੇ ਕੰਮ ਕਰਨ ਲਈ ਅਖਿਆ ਹੈ ਤਾਂ ਜੋ ਇਹ ਕੈਦੀ ਜੇਲ੍ਹਾਂ ਦੀਆਂ ਫੈਕਟਰੀਆਂ ਜਾਂ ਐਨ.ਜੀ.ਓਜ਼ ਦੁਆਰਾ ਚਲਾਈਆਂ ਜਾਂਦੀਆਂ ਸਕੀਮਾਂ ਦੇ ਹਿੱਸੇ ਵਜੋਂ ਕੰਮ ‘ਚ ਰੁੱਝੇ ਰਹਿਣ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਮੁਹਾਲੀ ਵਿਖੇ ਇੱਕ ਨਵੀਂ ਜੇਲ੍ਹ ਸਥਾਪਤ ਕਰਨ ਦੇ ਜੇਲ੍ਹ ਵਿਭਾਗ ਦੇ ਪ੍ਰਸਤਾਵ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਹੋਰਨਾਂ ਜੇਲ੍ਹਾਂ ‘ਤੇ ਦਬਾਅ ਅਤੇ ਕੈਦੀਆਂ ਦੀ ਜ਼ਿਆਦਾ ਗਿਣਤੀ ਨੂੰ ਘਟਾਇਆ ਜਾ ਸਕੇ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

Click to comment

Leave a Reply

Your email address will not be published. Required fields are marked *

ਪ੍ਰਸਿੱਧ ਖਬਰਾਂ

To Top