ਪਰਾਲੀ ਦੇ ਨਿਪਟਾਰੇ ਲਈ ਕਿਸਾਨਾਂ ਨੂੰ ਹੁਣ ਤੱਕ 7337 ਖੇਤੀ ਮਸ਼ੀਨਾਂ ਤੇ ਸੰਦ ਮੁਹੱਈਆ ਕਰਵਾਏ

0
592
Provide, 7337 Farming, Machines, Tools, Disposal, Straws

ਖੇਤੀਬਾੜੀ ਵਿਭਾਗ ਨੇ ਸੂਬਾ ਭਰ ‘ਚ 1000 ਕਿਸਾਨ ਜਾਗਰੂਕਤਾ ਕੈਂਪ ਲਾਏ

ਡਿਪਟੀ ਕਮਿਸ਼ਨਰਾਂ ਨੂੰ ਪਰਾਲੀ ਸਾੜਨ ਵਿਰੋਧੀ ਮੁਹਿੰਮ ‘ਚ ਤੇਜ਼ੀ ਲਿਆਉਣ ਦੇ

ਚੰਡੀਗੜ੍ਹ, ਸੱਚ ਕਹੂੰ ਨਿਊਜ਼

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ‘ਤੇ ਕਾਰਵਾਈ ਕਰਦਿਆਂ ਸੂਬੇ ਦੇ ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਰਹਿੰਦ-ਖੂੰਹਦ ਦਾ ਵਿਗਿਆਨ ਢੰਗ ਨਾਲ ਨਿਪਟਾਰਾ ਕਰਨ ਲਈ ਕਿਸਾਨਾਂ ਨੂੰ ਹੁਣ ਤੱਕ 7337 ਖੇਤੀ ਮਸ਼ੀਨਾਂ/ਖੇਤੀ ਸੰਦ ਸਬਸਿਡੀ ‘ਤੇ ਮੁਹੱਈਆ ਕਰਵਾਏ ਜਾ ਚੁੱਕੇ ਹਨ। ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂੰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਮੁੱਖ ਮੰਤਰੀ ਦੀ ਦ੍ਰਿੜ ਵਚਨਬੱਧਤਾ ਤਹਿਤ ਸੂਬੇ ਵਿੱਚੋਂ ਪਰਾਲੀ ਸਾੜਨ ਦੀ ਸਮੱਸਿਆ ਦੇ ਖਾਤਮੇ ਲਈ ਝੋਨੇ ਦੀ ਵਾਢੀ ਸ਼ੁਰੂ ਹੋਣ ਤੋਂ ਪਹਿਲਾਂ ਖੇਤੀ ਮਸ਼ੀਨਾਂ/ਖੇਤੀ ਸੰਦ ਕਿਸਾਨਾਂ ਨੂੰ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵੀ ਪਰਾਲੀ ਸਾੜਨ ਵਿਰੋਧੀ ਮੁਹਿੰਮ ਹੋਰ ਤੇਜ਼ ਕਰਨ ਦੇ ਆਦੇਸ਼ ਦਿੱਤੇ ਗਏ ਹਨ ਕਿਉਂ ਜੋ ਇਹ ਸਮੱਸਿਆ ਉੱਤਰੀ ਭਾਰਤ ‘ਚ ਪ੍ਰਦੂਸ਼ਣ ਦਾ ਸਭ ਤੋਂ ਵੱਧ ਕਾਰਨ ਹੈ। ਇਸ ਸਕੀਮ ਤਹਿਤ ਵਿਅਕਤੀਗਤ ਤੌਰ ‘ਤੇ ਖੇਤੀ ਮਸ਼ੀਨਰੀ ਹਾਸਲ ਕਰਨ ਵਾਲੇ ਕਿਸਾਨਾਂ ਨੂੰ 50 ਫੀਸਦੀ ਸਬਸਿਡੀ ਜਦਕਿ ਸਹਿਕਾਰੀ ਸਭਾਵਾਂ ਤੇ ਕਸਟਮ ਹਾਇਰਿੰਗ ਸੈਂਟਰਾਂ (ਸੀ.ਐਚ.ਸੀ.) ਨੂੰ ਖੇਤੀ ਮਸ਼ੀਨਰੀ ‘ਤੇ 80 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸੀਜ਼ਨ ਦੌਰਾਨ ਕਿਸਾਨਾਂ ਤੇ ਸਹਿਕਾਰੀ ਸਭਾਵਾਂ ਨੂੰ 24315 ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣੀਆਂ ਹਨ।

ਪੰਨੂੰ ਨੇ ਦੱਸਿਆ ਕਿ ਕਿਸਾਨਾਂ ਨੂੰ ਹੁਣ ਤੱਕ ਮੁਹੱਈਆ ਕਰਵਾਈਆਂ ਜਾ ਚੁੱਕੀਆਂ 7337 ਖੇਤੀ ਮਸ਼ੀਨਾਂ/ਖੇਤੀ ਸੰਦਾਂ ‘ਚੋਂ 2819 ਮਸ਼ੀਨਾਂ ਕਿਸਾਨਾਂ ਨੂੰ ਵਿਅਕਤੀਗਤ ਰੂਪ ਵਿੱਚ, 2144 ਸਹਿਕਾਰੀ ਸਭਾਵਾਂ ਅਤੇ 2374 ਕਸਟਮ ਹਾਇਰਿੰਗ ਸੈਂਟਰਾਂ ਮੁਹੱਈਆ ਕਰਵਾਈਆਂ ਗਈਆਂ ਹਨ। ਪੰਨੂੰ ਨੇ ਦੱਸਿਆ ਕਿ ਇਸ ਮਸ਼ੀਨਰੀ ਵਿੱਚ ਆਧੁਨਿਕ ਹੈਪੀ ਸੀਡਰ, ਪੈਡੀ ਸਟਰਾਅ, ਸਟਰਾਅ ਚੌਪਰ/ਕਟਰ, ਮਲਚਰ, ਆਰ.ਐਮ.ਬੀ ਪਲਾਓ, ਸ਼ਰੱਬ ਕਟਰ, ਜ਼ੀਰੋ ਟਿੱਲ ਡਰਿੱਲ, ਕੰਬਾਇਨਾਂ ‘ਤੇ ਲੱਗਣ ਵਾਲੇ ਪੈਡੀ ਸਟਰਾਅ ਮੈਨੇਜਮੈਂਟ ਸਿਸਟਮ, ਰੋਟਰੀ ਸਲੈਸ਼ਰ ਅਤੇ ਰੋਟਾਵੇਟਰ ਦੀ ਵਰਤੋਂ ਫਸਲ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਕੀਤੀ ਜਾਂਦੀ ਹੈ।

ਖੇਤੀਬਾੜੀ ਸਕੱਤਰ ਨੇ ਅੱਗੇ ਦੱਸਿਆ ਕਿ ਪਰਾਲੀ ਸਾੜਨ ਦੀ ਰੋਕਥਾਮ ਲਈ ਮੁੱਖ ਮੰਤਰੀ ਦੀ ਵਿਆਪਕ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਖੇਤੀਬਾੜੀ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਮੀਡੀਆ ਮੁਹਿੰਮ ਵਿੱਢੀ ਗਈ ਹੈ ਤਾਂ ਕਿ ਪਰਾਲੀ ਸਾੜਨ ਦੇ ਬੁਰੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਸਕੇ। ਇਸੇ ਪ੍ਰੋਗਰਾਮ ਦੀ ਲੜੀ ਤਹਿਤ ਵਿਭਾਗਾਂ ਵੱਲੋਂ ਸੂਬਾ ਭਰ ‘ਚ ਲਗਭਗ 1000 ਜਾਗਰੂਕਤਾ ਕੈਂਪ ਲਾ ਕੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਬਾਰੇ ਜਾਣੂ ਕਰਵਾਇਆ ਗਿਆ ਕਿਉਂ ਜੋ ਪਰਾਲੀ ਨੂੰ ਅੱਗ ਲਾਉਣੀ ਜਿੱਥੇ ਮਨੁੱਖੀ ਸਿਹਤ ਲਈ ਬਹੁਤ ਹਾਨੀਕਾਰਕ ਹੈ, ਉੱਥੇ ਹੀ ਵਾਤਾਵਰਨ ਨੂੰ ਖਤਰਾ ਪੈਦਾ ਹੁੰਦਾ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।