Breaking News

ਅਧਿਆਪਕਾਂ ਦੀ ਤਨਖਾਹ ਕਟੌਤੀ ਦਾ ਮਾਮਲਾ ਪਿੰਡਾਂ ਦੀਆਂ ਸੱਥਾਂ ‘ਚ ਪੁੱਜਿਆ

ਆਗੂਆਂ ਵੱਲੋਂ ਪਿੰਡਾਂ ਦੀਆਂ ਸੱਥਾਂ ‘ਚ ਆਮ ਲੋਕਾਂ ਨੂੰ ਸਰਕਾਰ ਦੀਆਂ ਗਲਤ ਨੀਤੀਆਂ ਬਾਰੇ ਕਰਵਾਇਆ ਜਾ ਰਿਹੈ ਜਾਣੂੰ

ਪਟਿਆਲਾ ਜ਼ਿਲ੍ਹੇ ਦੇ ਪਿੰਡ ਕੂਕਾ ਤੇ ਗੱਜੂਮਾਜਰਾ ‘ਚ ਵਿਦਿਆਰਥੀਆਂ ਦੇ ਮਾਪਿਆਂ ਤੇ ਲੋਕਾਂ ਨਾਲ ਕੀਤੀ ਮੀਟਿੰਗ

ਪਟਿਆਲਾ

ਅਧਿਆਪਕਾਂ ਦੀ ਤਨਖਾਹ ਕਟੌਤੀ ਦਾ ਮਾਮਲਾ ਹੁਣ ਪਿੰਡਾਂ ਦੀਆਂ ਸੱਥਾਂ ਵਿੱਚ ਪੁੱਜ ਗਿਆ ਹੈ। ਅਧਿਆਪਕਾਂ ਵੱਲੋਂ ਆਪਣੇ ਨਾਲ ਆਮ ਲੋਕਾਂ ਨੂੰ ਜੋੜਨ ਲਈ ਪਿੰਡਾਂ ਦੀਆਂ ਸਾਂਝੀਆਂ ਥਾਵਾਂ ‘ਤੇ ਆਪਣੇ ਨਾਲ ਹੋਈ ਧੱਕੇਸਾਹੀ ਨੂੰ ਬਿਆਨ ਕੀਤਾ ਜਾ ਰਿਹਾ ਹੈ। ਅਧਿਆਪਕਾਂ ਵੱਲੋਂ ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਨੂੰ ਜਾਣੂ ਕਰਵਾਉਣ ਲਈ ਪਿੰਡ ਦੇ ਲੋਕਾਂ ਨੂੰ ਆਪਣੇ ਨਾਲ ਜੋੜਿਆ ਜਾ ਰਿਹਾ ਹੈ ਅਤੇ ਅਗਲੇ ਦਿਨਾਂ ਅੰਦਰ ਪਿੰਡਾਂ ਦੀਆਂ ਸੱਥਾਂ ਵਿੱਚ ਕਾਂਗਰਸ ਸਰਕਾਰ ਦੇ ਸਿਵੇਂ ਬਾਲੇ ਜਾਣ ਦੀ ਕਵਾਇਦ ਸ਼ੁਰੂ ਕਰਨ ਬਾਰੇ ਆਖਿਆ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਸਰਕਾਰ ਵੱਲੋਂ ਐੱਸਐੱਸਏ/ਰਮਸਾ, ਮਾਡਲ-ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਕਟੌਤੀ ਦੇ ਵਿਰੋਧ ਸਮੇਤ ਸਮੂਹ ਠੇਕਾ ਅਧਿਆਪਕਾਂ ਨੂੰ ਪੂਰੀਆਂ ਤਨਖਾਹਾਂ ਦੇ ਚੱਲ ਰਹੇ ਘੋਲ ਨੂੰ ਅੱਗੇ ਲਿਜਾਂਦਿਆਂ ਐੱਸ.ਐੱਸ.ਏ./ਰਮਸਾ ਅਧਿਆਪਕ ਯੂਨੀਅਨ ਪੰਜਾਬ ਤੇ ਮਾਡਲ ਤੇ ਆਦਰਸ਼ ਕਰਮਚਾਰੀ ਐਸੋਸੀਏਸ਼ਨ ਪੰਜਾਬ ਵੱਲੋਂ ਪੰਜਾਬ ਦੇ ਪਿੰਡਾਂ ‘ਚ ਲਾਮਬੰਦੀ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਅੱਜ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦੀਦਾਰ ਸਿੰਘ ਮੁੱਦਕੀ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਕੂਕਾ ਅਤੇ ਗੱਜੂ ਮਾਜਰਾ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਅਤੇ ਇਲਾਕਾ ਵਾਸੀਆਂ ਨਾਲ ਅਗਲੇ ਸੰਘਰਸ਼ ਦੀ ਲਾਮਬੰਦੀ ਹਿੱਤ ਇੱਕ ਵਾਰਤਾਲਾਪ ਕੀਤਾ ਗਿਆ।ਇਸ ਦੌਰਾਨ ਪਿੰਡ ਵਾਸੀਆਂ ਨੂੰ ਜਾਣੂ ਕਰਵਾਇਆ ਗਿਆ ਕਿ ਸਰਕਾਰ ਦੇ ਇਸ ਅਧਿਆਪਕ ਮਾਰੂ ਫੈਸਲੇ ਨੇ ਸਰਕਾਰ ਦੀ ਸਿੱਖਿਆ ਪ੍ਰਤੀ ਨੀਤੀ ਨੂੰ ਜੱਗ ਜ਼ਾਹਿਰ ਕਰ ਦਿੱਤਾ ਹੈ। ਕਾਂਗਰਸ ਸਰਕਾਰ ਅਧਿਆਪਕਾਂ ਨੂੰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕਰਨ ਦੇ ਨਾਲ-ਨਾਲ ਸਿੱਖਿਆ ਦੇ ਬਜ਼ਟ ਵਿੱਚ ਵੱਡੀਆਂ ਕਟੌਤੀਆਂ ਕਰ ਗਰੀਬ ਅਤੇ ਮੱਧਵਰਗੀ ਪਰਿਵਾਰਾਂ ਦੇ ਬੱਚਿਆਂ ਤੋਂ ਸਿੱਖਿਆ ਖੋਹ ਸਰਕਾਰੀ ਸਕੂਲਾਂ ਨੂੰ ਵੱਡੇ ਮੁਨਾਫਿਆਂ ਲਈ ਕਾਰਪੋਰੇਟ ਘਰਾਣਿਆਂ ਨੂੰ ਵੇਚਣ ਦੇ ਰਾਹ ਤੁਰ ਪਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਸੂਬੇ ਦੀ ਸਾਰੀ ਪੁਲਿਸ ਨੂੰ ਮੋਤੀ ਮਹਿਲ ਅੱਗੇ ਤੈਨਾਤ ਕਰਕੇ ਅਧਿਆਪਕਾਂ ਨੂੰ ਮੁੱਖ ਮੰਤਰੀ ਦੇ ਨਿਵਾਸ ਵੱਲ ਵਧਦਿਆਂ ਬੈਰੀਕੇਡ ਲਾ ਕੇ ਡੱਕਦੀ ਹੈ ਤਾਂ ਹੁਣ ਪੰਜਾਬ ਦੇ ਅਧਿਆਪਕਾਂ ਨੇ ਵੀ ਆਪਣੇ ਮਾਪਿਆਂ, ਪਿੰਡ ਵਾਸੀਆਂ ਤੇ ਸਹਿਯੋਗੀ ਜੱਥੇਬੰਦੀਆਂ ਨੂੰ ਨਾਲ ਲੈ ਕੇ ਕਾਂਗਰਸ ਸਰਕਾਰ ਅਤੇ ਇਸ ਦੇ ਮੰਤਰੀਆਂ, ਵਿਧਾਇਕਾਂ ਲਈ ਪੰਜਾਬ ਦੇ ਪਿੰਡਾਂ ਵਿੱਚ ਬੈਰੀਕੇਡ ਲਗਾ ਕੇ ਇਹਨਾਂ ਨੂੰ ਡੱਕਣ ਦਾ ਫੈਸਲਾ ਕਰ ਲਿਆ ਹੈ । ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਦੌਰਾਨ ਪਿੰਡਾਂ ਦੀਆਂ ਸੱਥਾਂ ਵਿੱਚ ਪੰਜਾਬ ਦੀ ਕਾਂਗਰਸ ਸਰਕਾਰ ਦੇ ਸਿਵੇਂ ਬਾਲੇ ਜਾਣਗੇ। ਦੀਦਾਰ ਮੁੱਦਕੀ ਦਾ ਕਹਿਣਾ ਹੈ ਕਿ ਪਿੰਡਾਂ ਦੇ ਲੋਕਾਂ ਵੱਲੋਂ ਉਨ੍ਹਾਂ ਭਰਵਾਂ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 5 ਨਵੰਬਰ ਦੀ ਮੁੱਖ ਮੰਤਰੀ ਪੰਜਾਬ ਨਾਲ ਹੋਣ ਵਾਲੀ ਮੀਟਿੰਗ ਵਿੱਚ ਅਧਿਆਪਕਾਂ ਦੀਆਂ  ਹੱਕੀ ਅਤੇ ਜਾਇਜ਼ ਮੰਗਾਂ ਦਾ ਹੱਲ ਨਾ ਹੋਣ ਦੀ ਸੂਰਤ ਵਿੱਚ ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਪਹਿਲਾਂ ਹੀ ਐਲਾਨੇ ਗਏ ਜੇਲ੍ਹ ਭਰੋ ਅੰਦੋਲਨ ਸਮੇਤ ਤਕੜਾ ਸੰਘਰਸ਼ ਕੀਤਾ ਜਾਵੇਗਾ। ਇੱਧਰ ਅੱਜ ਸਾਂਝਾ ਅਧਿਆਪਕ ਮੋਰਚਾ ਵੱਲੋਂ ਅੱਜ ਔਰਤ ਅਧਿਆਪਕਾਵਾਂ ਵੱਲੋਂ ਚੱਕਰੀ ਦਾ ਤਿਉਂਹਾਰ ਮੌਕੇ ਇੱਥੇ ਹੀ ਭੁੱਖ ਹੜਤਾਲ ਰੱਖ ਕੇ ਮਨਾਇਆ ਅਤੇ ਕਾਂਗਰਸ ਸਰਕਾਰ ਖਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਗਈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top