ਸਾਉਣੀ ਰੁੱਤ ਦੀ ਮੂੰਗੀ ਦੀ ਸਫ਼ਲ ਕਾਸ਼ਤ ਲਈ ਸੁਝਾਅ

0
216

ਸਾਉਣੀ ਰੁੱਤ ਦੀ ਮੂੰਗੀ ਦੀ ਸਫ਼ਲ ਕਾਸ਼ਤ ਲਈ ਸੁਝਾਅ

ਪੰਜਾਬ ਵਿੱਚ 2019-20 ਵਰ੍ਹੇ ਦੌਰਾਨ ਮੂੰਗੀ ਦੀ ਕਾਸ਼ਤ 2.6 ਹਜ਼ਾਰ ਹੈਕਟੇਅਰ ਰਕਬੇ ਵਿੱਚ ਕੀਤੀ ਗਈ ਤੇ ਇਸ ਦੀ ਕੁੱਲ ਉਪਜ 2.3 ਹਜ਼ਾਰ ਟਨ ਹੋਈ। ਇਸ ਦਾ ਔਸਤ ਝਾੜ 8.70 ਕੁਇੰਟਲ ਪ੍ਰਤੀ ਹੈਕਟੇਅਰ (3.52 ਕੁਇੰਟਲ ਪ੍ਰਤੀ ਏਕੜ) ਰਿਹਾ।
ਜਲਵਾਯੂ:

ਇਸ ਫ਼ਸਲ ਲਈ ਗਰਮ ਜਲਵਾਯੂ ਦੀ ਲੋੜ ਹੈ।
ਜ਼ਮੀਨ:

ਮੂੰਗੀ ਦੀ ਕਾਸ਼ਤ ਲਈ ਚੰਗੇ ਜਲ ਨਿਕਾਸ ਵਾਲੀ ਭਲ ਤੋਂ ਰੇਤਲੀ ਭਲ ਵਾਲੀ ਜ਼ਮੀਨ ਚੰਗੀ ਹੁੰਦੀ ਹੈ। ਕਲਰਾਠੀ ਜਾਂ ਸੇਮ ਵਾਲੀ ਜ਼ਮੀਨ ਮੂੰਗੀ ਲਈ ਢੁੱਕਵੀਂ ਨਹੀਂ।

ਫ਼ਸਲ ਚੱਕਰ:
ਮੂੰਗੀ-ਰਾਇਆ/ਕਣਕ, ਗਰਮ ਰੁੱਤ ਦੀ ਮੂੰਗੀ-ਸਾਉਣੀ ਰੁੱਤ ਦੀ ਮੂੰਗੀ-ਰਾਇਆ/ਕਣਕ

ਉੱਨਤ ਕਿਸਮਾਂ:

ਐਮ ਐਲ 1808 (2021): ਇਸ ਕਿਸਮ ਦੇ ਬੂਟੇ ਸਿੱਧੇ ਅਤੇ ਦਰਮਿਆਨੀ ਉਚਾਈ (ਤਕਰੀਬਨ 71 ਸੈਂਟੀਮੀਟਰ) ਦੇ ਹੁੰਦੇ ਹਨ। ਫ਼ਲੀਆਂ ਭਰਪੂਰ ਲੱਗਦੀਆਂ ਹਨ ਅਤੇ ਹਰੇਕ ਫ਼ਲੀ ਵਿੱਚ ਤਕਰੀਬਨ 11-12 ਦਾਣੇ ਹੁੰਦੇ ਹਨ। ਇਹ ਮੂੰਗੀ ਦੇ ਪੀਲੀ ਚਿਤਕਬਰੀ ਅਤੇ ਪੱਤਿਆਂ ਦੇ ਧੱਬਿਆਂ ਦੇ ਰੋਗਾਂ ਦਾ ਟਾਕਰਾ ਕਰਨ ਦੀ ਸਮੱਰਥਾ ਰੱਖਦੀ ਹੈ। ਇਹ ਕਿਸਮ ਤਕਰੀਬਨ 71 ਦਿਨਾਂ ਵਿੱਚ ਪੱਕ ਜਾਂਦੀ ਹੈ। ਇਸ ਦੇ ਦਾਣੇ ਦਰਮਿਆਨੇ ਮੋਟੇ ਅਤੇ ਹਰੇ ਚਮਕੀਲੇ ਹੁੰਦੇ ਹਨ ਅਤੇ ਦਾਲ ਸੁਆਦ ਬਣਦੀ ਹੈ। ਇਸ ਕਿਸਮ ਦਾ ਔਸਤ ਝਾੜ 4.8 ਕੁਇੰਟਲ ਪ੍ਰਤੀ ਏਕੜ ਹੈ।

ਐਮ ਐਲ 2056 (2016): ਇਸ ਕਿਸਮ ਦੇ ਬੂਟੇ ਸਿੱਧੇ ਅਤੇ ਦਰਮਿਆਨੀ ਉਚਾਈ (ਤਕਰੀਬਨ 78 ਸੈਂਟੀਮੀਟਰ) ਦੇ ਹੁੰਦੇ ਹਨ। ਫ਼ਲੀਆਂ ਭਰਪੂਰ ਲੱਗਦੀਆਂ ਹਨ ਅਤੇ ਹਰੇਕ ਫ਼ਲੀ ਵਿੱਚ ਤਕਰੀਬਨ 11-12 ਦਾਣੇ ਹੁੰਦੇ ਹਨ। ਇਹ ਕਿਸਮ ਪੀਲੀ ਚਿਤਕਬਰੀ ਅਤੇ ਪੱਤਿਆਂ ਦੇ ਧੱਬਿਆਂ ਦੇ ਰੋਗ ਦਾ ਟਾਕਰਾ ਕਰਨ ਦੀ ਸਮੱਰਥਾ ਰੱਖਦੀ ਹੈ। ਇਹ ਕਿਸਮ ਤਕਰੀਬਨ 71 ਦਿਨਾਂ ਵਿੱਚ ਪੱਕ ਜਾਂਦੀ ਹੈ। ਇਸ ਦੇ ਦਾਣੇ ਦਰਮਿਆਨੇ ਮੋਟੇ ਅਤੇ ਹਰੇ ਚਮਕੀਲੇ ਹੁੰਦੇ ਹਨ।

ਇਸ ਕਿਸਮ ਦਾ ਔਸਤਨ ਝਾੜ ਤਕਰੀਬਨ 4.6 ਕੁਇੰਟਲ ਪ੍ਰਤੀ ਏਕੜ ਹੈ।
ਐਮ ਐਲ 818 (2003): ਇਸ ਦੇ ਬੂਟੇ ਖੜ੍ਹਵੇਂ ਅਤੇ ਦਰਮਿਆਨੇ ਤਕਰੀਬਨ 75 ਸੈਂਟੀਮੀਟਰ ਕੱਦ ਦੇ ਹੁੰਦੇ ਹਨ। ਫ਼ਲੀਆਂ ਗੁੱਛਿਆਂ ਵਿੱਚ ਭਰਪੂਰ ਲੱਗਦੀਆਂ ਹਨ ਅਤੇ ਹਰ ਇੱਕ ਫ਼ਲੀ ਵਿੱਚ ਤਕਰੀਬਨ 10-11 ਦਾਣੇ ਪੈਂਦੇ ਹਨ। ਇਹ ਕਿਸਮ ਪੀਲੀ ਚਿਤਕਬਰੀ ਅਤੇ ਧੱਬਿਆਂ ਦੇ ਰੋਗ ਦਾ ਮੁਕਾਬਲਾ ਕਰਨ ਦੀ ਸਮਰੱਥਾ ਰੱਖਦੀ ਹੈ। ਇਹ ਕਿਸਮ ਤਕਰੀਬਨ 72 ਦਿਨਾਂ ਵਿੱਚ ਪੱਕ ਜਾਂਦੀ ਹੈ। ਇਸ ਦੇ ਦਾਣੇ ਹਰੇ ਰੰਗ ਦੇ ਚਮਕੀਲੇ ਹੁੰਦੇ ਹਨ। ਇਸ ਕਿਸਮ ਦਾ ਔਸਤਨ ਝਾੜ ਤਕਰੀਬਨ 4.2 ਕੁਇੰਟਲ ਪ੍ਰਤੀ ਏਕੜ ਹੈ।

ਬੀਜ ਦੀ ਮਾਤਰਾ: 8 ਕਿੱਲੋ ਬੀਜ ਪ੍ਰਤੀ ਏਕੜ ਵਰਤੋ।

ਬੀਜ ਨੂੰ ਟੀਕਾ ਲਾਉਣਾ: ਮੂੰਗੀ ਨੂੰ ਬਿਜਾਈ ਵੇਲੇ ਸਿਫ਼ਾਰਸ਼ ਕੀਤਾ ਰਾਈਜ਼ੋਬੀਅਮ ਕਲਚਰ (ਟੀਕਾ) ਲਾਉ। ਇੱਕ ਏਕੜ ਲਈ ਸਿਫ਼ਾਰਸ਼ ਕੀਤੇ ਬੀਜ ਦੀ ਮਾਤਰਾ ਨੂੰ ਥੋੜ੍ਹਾ ਜਿਹਾ ਪਾਣੀ ਲਾ ਕੇ ਗਿੱਲਾ ਕਰ ਲਉ ਅਤੇ ਇਸ ਵਿੱਚ ਟੀਕੇ ਵਾਲੀ ਮਿੱਟੀ ਨੂੰ ਚੰਗੀ ਤਰ੍ਹਾਂ ਰਲਾ ਲਉ। ਛਾਵੇਂ ਪੱਕੇ ਫ਼ਰਸ਼ ’ਤੇ ਖਿਲਾਰ ਕੇ ਸੁਕਾ ਲਉ ਅਤੇ ਛੇਤੀ ਬੀਜ ਦਿਉ। ਇਸ ਟੀਕੇ ਨਾਲ ਝਾੜ ਵਿੱਚ 12-16 ਪ੍ਰਤੀਸ਼ਤ ਵਾਧਾ ਹੁੰਦਾ ਹੈ। ਦਵਾਈ ਨਾਲ ਸੋਧੇ ਬੀਜ ਨੂੰ ਟੀਕਾ ਲਾਇਆ ਜਾ ਸਕਦਾ ਹੈ। ਇਹ ਟੀਕਾ ਪੀ ਏ ਯੂ ਦੀ ਬੀਜਾਂ ਦੀ ਦੁਕਾਨ, ਗੇਟ ਨੰ: 1 ਅਤੇ ਵੱਖੋ-ਵੱਖਰੇ ਜ਼ਿਲ੍ਹਿਆਂ ਵਿੱਚ ਕਿ੍ਰਸ਼ੀ ਵਿਗਿਆਨ/ਫ਼ਾਰਮ ਸਲਾਹਕਾਰ ਸੇਵਾ ਕੇਂਦਰਾਂ ’ਤੇ ਮਿਲਦਾ ਹੈ।

ਬੈੱਡਾਂ ਉੱਤੇ ਬਿਜਾਈ: ਮੂੰਗੀ ਦੀ ਬਿਜਾਈ ਬੈੱਡਾਂ ਉੱਤੇ ਸਫ਼ਲਤਾ ਪੂਰਵਕ ਕੀਤੀ ਜਾ ਸਕਦੀ ਹੈ। ਦਰਮਿਆਨੀਆਂ ਅਤੇ ਭਾਰੀਆਂ ਜ਼ਮੀਨਾਂ ਉੱਤੇ ਮੂੰਗੀ ਦੀ ਬਿਜਾਈ ਕਣਕ ਲਈ ਵਰਤੇ ਜਾਂਦੇ ਬੈੱਡ ਪਲਾਂਟਰ ਨਾਲ 67.5 ਸੈਂਟੀਮੀਟਰ ਵਿੱਥ ’ਤੇ ਤਿਆਰ ਕੀਤੇ ਬੈੱਡਾਂ (37.5 ਸੈਂਟੀਮੀਟਰ ਬੈੱਡ ਅਤੇ 30 ਸੈਂਟੀਮੀਟਰ ਖਾਲੀ) ਉੱਤੇ ਕਰਨੀ ਚਾਹੀਦੀ ਹੈ। ਮੂੰਗੀ ਦੀਆਂ ਦੋ ਕਤਾਰਾਂ ਪ੍ਰਤੀ ਬੈੱਡ 20 ਸੈਂਟੀਮੀਟਰ ਫ਼ਾਸਲੇ ’ਤੇ ਬੀਜੋ।

ਬੀਜ, ਖਾਦ ਦੀ ਮਾਤਰਾ ਅਤੇ ਬਾਕੀ ਕਾਸ਼ਤਕਾਰੀ ਢੰਗ ਉਹੀ ਵਰਤਣੇ ਹਨ ਜੋ ਕਿ ਮੂੰਗੀ ਦੀ ਪੱਧਰੀ (ਆਮ) ਬਿਜਾਈ ਲਈ ਸਿਫ਼ਾਰਸ਼ ਕੀਤੇ ਗਏ ਹਨ। ਬੈੱਡ ਉੱਤੇ ਬਿਜਾਈ ਕਰਨ ਨਾਲ ਪਾਣੀ ਦੀ ਬੱਚਤ ਹੁੰਦੀ ਹੈ ਤੇ ਭਾਰੇ ਮੀਂਹ ਤੋਂ ਹੋਣ ਵਾਲੇ ਨੁਕਸਾਨ ਤੋਂ ਵੀ ਫ਼ਸਲ ਬਚਦੀ ਹੈ।
ਨਦੀਨਾਂ ਦੀ ਰੋਕਥਾਮ: ਪਹਿਲੀ ਗੋਡੀ ਬਿਜਾਈ ਤੋਂ 4 ਹਫ਼ਤੇ ਪਿੱਛੋਂ ਅਤੇ ਦੂਜੀ (ਜੇ ਲੋੜ ਪਵੇ) ਉਸ ਤੋਂ 2 ਹਫ਼ਤੇ ਪਿੱਛੋਂ ਕਰੋ।
ਸਿੰਚਾਈ: ਜੇਕਰ ਔੜ ਲੱਗ ਜਾਵੇ ਤਾਂ ਫ਼ਸਲ ਨੂੰ ਪਾਣੀ ਦੀ ਲੋੜ ਪੈਂਦੀ ਹੈ।

ਖਾਦਾਂ: ਬਿਜਾਈ ਸਮੇਂ ਪ੍ਰਤੀ ਏਕੜ 5 ਕਿਲੋ ਨਾਈਟ੍ਰੋਜਨ ਤੱਤ (11 ਕਿਲੋ ਯੂਰੀਆ) ਅਤੇ 16 ਕਿਲੋ ਫ਼ਾਸਫ਼ੋਰਸ ਤੱਤ (100 ਕਿਲੋ ਸਿੰਗਲ ਸੁਪਰਫ਼ਾਸਫ਼ੇਟ) ਡਰਿੱਲ ਕਰ ਦਿਉ।

ਵਾਢੀ ਅਤੇ ਗਹਾਈ: ਫ਼ਸਲ ਦੀ ਵਾਢੀ ਉਸ ਵੇਲੇ ਕਰੋ ਜਦੋਂ ਤਕਰੀਬਨ 80 ਪ੍ਰਤੀਸ਼ਤ ਫ਼ਲੀਆਂ ਪੱਕ ਜਾਣ, ਵਾਢੀ ਦਾਤਰੀ ਨਾਲ ਕਰੋ। ਬੂਟਿਆਂ ਨੂੰ ਪੁੱਟਣਾ ਠੀਕ ਨਹੀਂ। ਗਹਾਈ ਲਈ ਕਿੱਲੀਆਂ ਵਾਲਾ ਕਣਕ ਦਾ ਥਰੈਸ਼ਰ ਕੁੱਝ ਤਬਦੀਲੀਆਂ ਕਰਕੇ ਵਰਤਿਆ ਜਾ ਸਕਦਾ ਹੈ।
ਪੌਦ ਸੁਰੱਖਿਆ:

ਕੀੜੇ-ਮਕੌੜੇ: ਚਿੱਟੀ ਮੱਖੀ, ਹਰਾ ਤੇਲਾ ਅਤੇ ਚੇਪਾ: ਚਿੱਟੀ ਮੱਖੀ ਅਤੇ ਚੇਪੇ ਦੇ ਬੱਚੇ ਅਤੇ ਬਾਲਗ ਪੱਤਿਆਂ ਦਾ ਰਸ ਚੂਸਦੇ ਹਨ ਅਤੇ ਬੂਟਿਆਂ ਨੂੰ ਕਮਜ਼ੋਰ ਕਰ ਦਿੰਦੇ ਹਨ। ਇਹ ਪੱਤਿਆਂ ਉੱਤੇ ਸ਼ਹਿਦ ਦੇ ਤੁਪਕਿਆਂ ਵਰਗਾ ਮਲ ਕੱਢਦੇ ਹਨ ਜੋ ਚਿਪਚਿਪਾ ਜਿਹਾ ਹੁੰਦਾ ਹੈ ਜਿਸ ਕਰਕੇ ਪੱਤਿਆਂ ਉੱਪਰ ਕਾਲੀ ਉੱਲੀ ਪੈਦਾ ਹੋ ਜਾਂਦੀ ਹੈ। ਜਿਆਦਾ ਹਮਲਾ ਹੋਣ ਕਰਕੇ ਸਾਰੀ ਫ਼ਸਲ ਕਾਲੀ ਹੋ ਜਾਂਦੀ ਹੈ, ਜਿਸ ਨਾਲ ਪੱਤੇ ਝੜ ਜਾਂਦੇ ਹਨ ਅਤੇ ਪੂਰੀ ਫ਼ਸਲ ਤਬਾਹ ਹੋ ਜਾਂਦੀ ਹੈ। ਚਿੱਟੀ ਮੱਖੀ ਫ਼ਸਲ ਵਿੱਚ ਮੂੰਗੀ ਦਾ ਚਿੱਤਕਬਰਾ ਰੋਗ ਵੀ ਫੈਲਾਉਂਦੀ ਹੈ। ਤੇਲੇ ਦੇ ਬੱਚੇ ਅਤੇ ਬਾਲਗ ਫ਼ਸਲ ਦੇ ਪੱਤਿਆਂ ਦਾ ਰਸ ਚੂਸਦੇ ਹਨ ਜਿਸ ਕਰਕੇ ਪੱਤੇ ਪੀਲੇ ਪੈ ਜਾਂਦੇ ਹਨ ਅਤੇ ਸੁੱਕ ਜਾਂਦੇ ਹਨ।

ਵਾਲਾਂ ਵਾਲੀ ਸੁੰਡੀ (ਭੱਬੂ ਕੁੱਤਾ): ਇਸ ਦਾ ਸਰੀਰ ਵਾਲਾਂ ਨਾਲ ਢੱਕਿਆ ਹੁੰਦਾ ਹੈ। ਇਹ ਸੁੰਡੀ ਪੱਤਿਆਂ ਦਾ ਹਰਾ ਮਾਦਾ ਖਾਂਦੀ ਹੈ ਅਤੇ ਸਿਰਫ਼ ਪੱਤੇ ਦੀ ਵਿਚਕਾਰਲੀ ਨਾੜੀ ਹੀ ਛੱਡਦੀ ਹੈ। ਬਹੁਤੇ ਹਮਲੇ ਦੀ ਸੂਰਤ ਵਿੱਚ ਸਾਰੀ ਫ਼ਸਲ ਹੀ ਨਸ਼ਟ ਹੋ ਸਕਦੀ ਹੈ। ਛੋਟੀਆਂ ਸੁੰਡੀਆਂ ਝੁੰਡਾਂ ਵਿੱਚ ਖੇਤ ਦੇ ਕਿਸੇ-ਕਿਸੇ ਹਿੱਸੇ ਵਿੱਚ ਹਮਲਾ ਕਰਦੀਆਂ ਹਨ। ਇਸ ਕੀੜੇ ਦੀ ਰੋਕਥਾਮ ਹਮਲੇ ਵਾਲੇ ਪੌਦਿਆਂ ਨੂੰ ਸੁੰਡੀਆਂ ਸਮੇਤ ਪੁੱਟ ਕੇ ਜ਼ਮੀਨ ਵਿੱਚ ਦਬਾਉਣ ਨਾਲ ਨਸ਼ਟ ਕਰਕੇ ਕੀਤੀ ਜਾ ਸਕਦੀ ਹੈ। ਵੱਡੀਆਂ ਸੁੰਡੀਆਂ ਨੂੰ ਪੈਰਾਂ ਹੇਠ ਦਬਾ ਕੇ ਜਾਂ ਮਿੱਟੀ ਦੇ ਤੇਲ ਵਾਲੇ ਪਾਣੀ ਵਿੱਚ ਪਾ ਕੇ ਮਾਰਿਆ ਜਾ ਸਕਦਾ ਹੈ।

ਹਰੀ ਸੁੰਡੀ: ਇਹ ਸੁੰਡੀਆਂ ਹਰੇ ਰੰਗ ਦੀਆਂ 2-4 ਸੈਂਟੀਮੀਟਰ ਲੰਬੀਆਂ ਹੁੰਦੀਆਂ ਹਨ। ਛੂਹਣ ਨਾਲ ਇਹ ਕੀੜਾ ਕੁੰਡਲੀ ਮਾਰ ਲੈਂਦਾ ਹੈ। ਇਹ ਸੁੰਡੀਆਂ ਮਾਂਹ ਅਤੇ ਮੂੰਗੀ ਦੇ ਪੱਤੇ ਖਾਂਦੀਆਂ ਹਨ। ਬਹੁਤੇ ਹਮਲੇ ਦੀ ਹਾਲਤ ਵਿੱਚ ਪੌਦੇ ਕੁੱਝ ਦਿਨਾਂ ਵਿੱਚ ਹੀ ਪੱਤੇ ਰਹਿਤ ਹੋ ਜਾਂਦੇ ਹਨ।
ਤੰਬਾਕੂ ਸੁੰਡੀ: ਇਹ ਇੱਕ ਬਹੁਭਖਸ਼ੀ ਕੀੜਾ ਹੈ। ਛੋਟੀਆਂ ਸੁੰਡੀਆਂ ਕਾਲੇ ਰੰਗ ਦੀਆਂ ਹੁੰਦੀਆਂ ਹਨ ਅਤੇ ਵੱਡੀਆਂ ਸੁੰਡੀਆਂ ਦਾ ਰੰਗ ਗੂੜ੍ਹਾ ਹਰਾ ਹੁੰਦਾ ਹੈ ਜਿਨ੍ਹਾਂ ’ਤੇ ਕਾਲੇ ਰੰਗ ਦੇ ਤਿਕੋਣੇ ਧੱਬੇ ਹੁੰਦੇ ਹਨ।

ਇਸ ਦੇ ਪਤੰਗੇ ਪੱਤਿਆਂ ਦੇ ਹੇਠਲੇ ਪਾਸੇ ਝੁੰਡਾਂ ਵਿੱਚ ਅੰਡੇ ਦਿੰਦੇ ਹਨ ਜਿਹੜੇ ਕਿ ਭੂਰੇ ਵਾਲਾਂ ਨਾਲ ਢੱਕੇ ਹੁੰਦੇ ਹਨ। ਅੰਡਿਆਂ ਵਿੱਚੋਂ ਨਿੱਕਲਣ ਤੋਂ ਬਾਅਦ ਛੋਟੀਆਂ ਸੁੰਡੀਆਂ ਝੁੰਡਾਂ ਵਿੱਚ ਪੱਤਿਆਂ ਦਾ ਹਰਾ ਮਾਦਾ ਖਾਂਦੀਆਂ ਹਨ ਅਤੇ ਪੱਤਿਆਂ ਨੂੰ ਛਾਨਣੀ ਕਰ ਦਿੰਦੀਆਂ ਹਨ। ਬਾਅਦ ਵਿੱਚ ਵੱਡੀਆਂ ਸੁੰਡੀਆਂ ਸਾਰੇ ਖੇਤ ਵਿੱਚ ਖਿੱਲਰ ਕੇ ਨੁਕਸਾਨ ਕਰਦੀਆਂ ਹਨ। ਪੱਤਿਆਂ ਦੇ ਨਾਲ ਇਹ ਡੋਡੀਆਂ, ਫੁੱਲ ਅਤੇ ਫ਼ਲੀਆਂ ਦਾ ਨੁਕਸਾਨ ਵੀ ਕਰਦੀਆਂ ਹਨ। ਤੰਬਾਕੂ ਸੁੰਡੀ ਦੇ ਆਂਡੇ ਅਤੇ ਛੋਟੀਆਂ ਸੁੰਡੀਆਂ ਜੋ ਕਿ ਪੱਤਿਆਂ ਨੂੰ ਝੁੰਡਾਂ ਵਿੱਚ ਖਾਂਦੀਆਂ ਹਨ, ਪੱਤਿਆਂ ਸਮੇਤ ਨਸ਼ਟ ਕਰ ਦਿਉ।

ਬਲਿਸਟਰ ਬੀਟਲ: ਇਹ ਕੀੜਾ ਦਿਨ ਦੇ ਸਮੇਂ ਫ਼ਸਲ ’ਤੇ ਹਮਲਾ ਕਰਦਾ ਹੈ। ਵੱਡੀਆਂ ਭੂੰਡੀਆਂ ਦਾ ਸਰੀਰ ਕਾਫ਼ੀ ਨਰੋਆ ਹੁੰਦਾ ਹੈ ਅਤੇ ਇਹਨਾਂ ਦੇ ਖੰਭਾਂ ਉੱੇਤੇ ਚਮਕੀਲੇ ਕਾਲੇ ਅਤੇ ਲਾਲ ਰੰਗ ਦੀਆਂ ਧਾਰੀਆਂ ਹੁੰਦੀਆਂ ਹਨ। ਛੇੜਨ ’ਤੇ ਇਹ ਭੂੰਡੀ ਇੱਕ ਤਰਲ ਪਦਾਰਥ ਕੱਢਦੀ ਹੈ, ਜਿਸ ਕਾਰਨ ਸਰੀਰ ’ਤੇ ਛਾਲੇ (ਬਲਿਸਟਰਜ਼) ਪੈ ਜਾਂਦੇ ਹਨ। ਇਸ ਕੀੜੇ ਦਾ ਹਮਲਾ ਮੁੱਖ ਤੌਰ ’ਤੇ ਫ਼ਸਲ ਦੇ ਫੁੱਲ ਪੈਣ ਸਮੇਂ ਹੁੰਦਾ ਹੈ ਤੇ ਫ਼ਸਲ ਦਾ ਝਾੜ ਕਾਫ਼ੀ ਘਟ ਜਾਂਦਾ ਹੈ।

ਫ਼ਲੀ ਛੇਦਕ ਸੁੰਡੀ: ਇਸ ਦੀ ਸੁੰਡੀ ਮੂੰਗੀ ਦੇ ਪੱਤੇ, ਡੋਡੀਆਂ ਤੇ ਫੁੱਲਾਂ ਨੂੰ ਖਾਂਦੀ ਹੈ ਅਤੇ ਫ਼ਸਲ ਦਾ ਭਾਰੀ ਨੁਕਸਾਨ ਕਰਦੀ ਹੈ। ਇਸ ਦਾ ਰੰਗ ਹਰਾ, ਪੀਲਾ, ਭੂਰਾ ਜਾਂ ਕਾਲਾ ਵੀ ਹੋ ਸਕਦਾ ਹੈ। ਪੂਰੀ ਪਲੀ ਸੁੰਡੀ 3-5 ਸੈਂਟੀਮੀਟਰ ਲੰਬੀ ਹੁੰਦੀ ਹੈ। ਇਸ ਦੇ ਹਮਲੇ ਦਾ ਪਤਾ ਨੁਕਸਾਨ ਵਾਲੇ ਪੱਤਿਆਂ, ਫ਼ਲੀਆਂ ਵਿੱਚ ਮੋਰੀਆਂ, ਬੂਟਿਆਂ ਹੇਠਾਂ ਜ਼ਮੀਨ ਉੱਤੇ ਗੂੜ੍ਹੇ ਹਰੇ ਰੰਗ ਦੀਆਂ ਬਿੱਠਾਂ ਤੋਂ ਲੱਗਦਾ ਹੈ। ਜੇਕਰ ਹਮਲੇ ਵਾਲੇ ਬੂਟੇ ਨੂੰ ਜੋਰ ਨਾਲ ਹਿਲਾਇਆ ਜਾਵੇ ਤਾਂ ਇਹ ਸੁੰਡੀਆਂ ਬੂਟੇ ਤੋਂ ਹੇਠਾਂ ਜ਼ਮੀਨ ’ਤੇ ਡਿੱਗ ਪੈਂਦੀਆਂ ਹਨ।

ਜੂੰ: ਜੂੰ ਇਸ ਫ਼ਸਲ ਦੇ ਪੱਤਿਆਂ ਦੇ ਹੇਠਾਂ ਵੱਲ ਜਾਲੇ ਬਣਾ ਦਿੰਦੀ ਹੈ। ਇਸ ਦੇ ਹਮਲੇ ਕਰਕੇ ਪੱਤੇ ਪੀਲੇ ਪੈ ਜਾਂਦੇ ਹਨ। ਇਹੋ-ਜਿਹੇ ਹਮਲੇ ਵਾਲੇ ਪੱਤਿਆਂ ਦਾ ਰੰਗ ਹਲਕੇ ਭੂਰੇ ਤੋਂ ਗੂੜ੍ਹਾ ਗਾਜਰੀ ਭੂਰਾ ਹੋ ਜਾਂਦਾ ਹੈ।

ਬਿਮਾਰੀਆਂ:

ਪੀਲਾ ਚਿਤਕਬਰਾ ਰੋਗ: ਇਹ ਇੱਕ ਵਿਸ਼ਾਣੂ ਰੋਗ ਹੈ, ਜਿਹੜਾ ਕਿ ਚਿੱਟੀ ਮੱਖੀ ਰਾਹੀਂ ਫੈਲਦਾ ਹੈ। ਇਸ ਦਾ ਹਮਲਾ ਸਾਉਣੀ ਰੁੱਤ ਦੀ ਮੂੰਗੀ ਦੀ ਫ਼ਸਲ ’ਤੇ ਜ਼ਿਆਦਾ ਹੁੰਦਾ ਹੈ। ਰੋਗੀ ਬੂਟਿਆਂ ਦੇ ਪੱਤਿਆਂ ’ਤੇ ਬੇਤਰਤੀਬੇ ਪੀਲੇ ਅਤੇ ਹਰੇ ਚਟਾਖ ਪੈ ਜਾਂਦੇ ਹਨ ਅਤੇ ਉਨ੍ਹਾਂ ਨੂੰ ਕੋਈ ਫ਼ਲੀ ਨਹੀਂ ਲੱਗਦੀ ਜਾਂ ਬਹੁਤ ਹੀ ਘੱਟ ਪੀਲੀਆਂ ਫ਼ਲੀਆਂ ਲੱਗਦੀਆਂ ਹਨ। ਇਸ ਰੋਗ ਦਾ ਟਾਕਰਾ ਕਰਨ ਵਾਲੀਆਂ ਮੂੰਗੀ ਦੀਆਂ ਕਿਸਮਾਂ ਐਮ ਐਲ 1808, ਐਮ ਐਲ 2056 ਅਤੇ ਐਮ ਐਲ 818 ਬੀਜੋ। ਫ਼ਸਲ ਦੇ ਆਰੰਭ ਵਿੱਚ ਹੀ ਰੋਗੀ ਬੂਟੇ ਕੱਢ ਦਿਉ।

ਪੱਤਿਆਂ ਦੇ ਧੱਬਿਆਂ ਦਾ ਰੋਗ: ਇਹ ਇੱਕ ਉੱਲੀ ਦਾ ਰੋਗ ਹੈ। ਇਸ ਨਾਲ ਪੌਦੇ ਦੇ ਪੱਤਿਆਂ ’ਤੇ ਭੂਰੇ ਧੱਬੇ ਪੈ ਜਾਂਦੇ ਹਨ ਅਤੇ ਪਿੱਛੋਂ ਆਪਸ ਵਿੱਚ ਮਿਲ ਕੇ ਜ਼ਿਆਦਾ ਥਾਂ ਘੇਰ ਲੈਂਦੇ ਹਨ। ਸਿੱਟੇ ਵੱਜੋਂ ਪੌਦੇ ਦੇ ਕੁੱਝ ਪੱਤੇ ਡਿੱਗ ਜਾਂਦੇ ਹਨ। ਰੁਕ-ਰੁਕ ਕੇ ਮੀਂਹ ਪੈਣ ਨਾਲ ਬਿਮਾਰੀ ਵਧਦੀ ਹੈ। ਇਸ ਰੋਗ ਦਾ ਟਾਕਰਾ ਕਰਨ ਵਾਲੀਆਂ ਮੂੰਗੀ ਦੀਆਂ ਕਿਸਮਾਂ ਐਮ ਐਲ 1808, ਐਮ ਐਲ 2056 ਅਤੇ ਐਮ ਐਲ 818 ਬੀਜੋ।
ਜੜ੍ਹਾਂ ਦਾ ਗਲਣਾ: ਇਸ ਰੋਗ ਦੇ ਹਮਲੇ ਕਾਰਨ ਪੌਦੇ ਦੇ ਪੱਤਿਆਂ, ਟਾਹਣੀਆਂ, ਤਣੇ ਅਤੇ ਜੜ੍ਹਾਂ ਉੱਤੇ ਕਾਲੇ ਘੇਰੇ ਪੈ ਜਾਂਦੇ ਹਨ। ਰੋਗੀ ਹਿੱਸੇ ਕਮਜ਼ੋਰ ਪੈ ਜਾਂਦੇ ਹਨ ਅਤੇ ਉਹਨਾਂ ’ਤੇ ਉੱਲੀ ਜੰਮੀ ਨਜ਼ਰ ਆਉਂਦੀ ਹੈ।

ਕੋਹੜ: ਇਸ ਰੋਗ ਕਾਰਨ ਪੱਤਿਆਂ ਉੱਪਰ ਗੂੜ੍ਹੇ ਭੂਰੇ ਰੰਗ ਦੇ ਧੱਬੇ (ਘੋੜੇ ਦੀ ਖੁਰੀ ਦੀ ਸ਼ਕਲ ਵਰਗੇ) ਪੈ ਜਾਂਦੇ ਹਨ। ਇਹ ਧੱਬੇ ਪੌਦੇ ਦੇ ਦੂਜੇ ਹਿੱਸਿਆਂ ’ਤੇ ਵੀ ਪੈ ਜਾਂਦੇ ਹਨ। ਬਿਮਾਰੀ ਦੀਆਂ ਗੰਭੀਰ ਹਾਲਤਾਂ ਵਿੱਚ ਇਹ ਧੱਬੇ ਆਪਸ ਵਿੱਚ ਮਿਲ ਕੇ ਪੌਦੇ ਦੇ ਤਣੇ, ਟਾਹਣੀਆਂ ਅਤੇ ਹੋਰ ਹਿੱਸਿਆਂ ਨੂੰ ਘੇਰ ਲੈਂਦੇ ਹਨ। ਇਸ ਰੋਗ ’ਤੇ ਕਾਬੂ ਪਾਉਣ ਲਈ ਇਲਾਜ ਦੇ ਢੰਗ ਪੱਤਿਆਂ ਦੇ ਧੱਬਿਆਂ ਦੇ ਰੋਗ ਵਾਲੇ ਹੀ ਹਨ।
ਬੈਕਟੀਰੀਆ ਦੁਆਰਾ ਪੱਤਿਆਂ ਦੇ ਧੱਬਿਆਂ ਦਾ ਰੋਗ: ਇਸ ਰੋਗ ਦੁਆਰਾ ਪਏ ਪੱਤਿਆਂ ਦੇ ਧੱਬੇ ਗੋਲ ਤੇ ਬੇਤਰਤੀਬੇ ਸ਼ਕਲ ਦੇ ਭੂਰੇ ਰੰਗ ਦੇ ਅਤੇ ਉੱਭਰੇ ਹੋਏ ਹੁੰਦੇ ਹਨ। ਇਸ ਰੋਗ ’ਤੇ ਕਾਬੂ ਪਾਉਣ ਲਈ ਰੋਗ ਰਹਿਤ ਬੀਜ ਵਰਤੋ। ਮੂੰਗੀ ਦੀ ਕਿਸਮ ਐਮ ਐਲ 1808, ਐਮ ਐਲ 2056 ਅਤੇ ਐਮ ਐਲ 818 ਇਸ ਬਿਮਾਰੀ ਦਾ ਭਲੀ-ਭਾਂਤ ਟਾਕਰਾ ਕਰ ਸਕਦੀਆਂ ਹਨ।

ਝੁਲਸ ਰੋਗ: ਇਹ ਰੋਗ ਪੱਤਿਆਂ ਦੇ ਕਿਨਾਰਿਆਂ, ਡੰਡੀਆਂ ਅਤੇ ਨਵੀਆਂ ਸ਼ਾਖਾਂ ਤੋਂ ਸ਼ੁਰੂ ਹੁੰਦਾ ਹੈ ਅਤੇ ਹੌਲੀ-ਹੌਲੀ ਬੂਟੇ ਉੱਪਰੋਂ ਝੁਲਸ ਜਾਂਦੇ ਹਨ। ਅਜਿਹੇ ਬੂਟਿਆਂ ਦੀਆਂ ਧੌੜੀਆਂ ਖੇਤ ਵਿੱਚ ਦੇਖੀਆਂ ਜਾ ਸਕਦੀਆਂ ਹਨ। ਸਿੱਲ੍ਹੇ ਮੌਸਮ ਵਿੱਚ ਪੱਤਿਆਂ ਉੱਤੇ ਉੱਲੀ ਦੇ ਚਿੱਟੇ ਜਾਲੇ ਜਿਹੇ ਬਣ ਜਾਂਦੇ ਹਨ ਅਤੇ ਭੂਰੇ ਰੰਗ ਦੀਆਂ ਮਘਰੋੜੀਆਂ ਬਣ ਜਾਂਦੀਆਂ ਹਨ। ਫ਼ਸਲ ’ਤੇ ਇਹ ਬਿਮਾਰੀ ਖੇਤ ਵਿੱਚਲੇ ਨਦੀਨਾਂ ਤੋਂ ਆਉਂਦੀ ਹੈ। ਖੇਤ ਨੂੰ ਨਦੀਨ ਰਹਿਤ ਰੱਖ ਕੇ ਇਸ ਬਿਮਾਰੀ ਨੂੰ ਰੋਕਿਆ ਜਾ ਸਕਦਾ ਹੈ
ਧੰਨਵਾਦ ਸਹਿਤ, ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ